ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਇੱਕ ਵਾਰ ਫਿਰ ਤੋਂ ਗੁਰੂ ਘਰ ਦੀ ਬੇਅਦਬੀ (Disrespect) ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਵੱਲੋਂ ਸਵੇਰੇ ਅੰਮ੍ਰਿਤ ਵੇਲੇ ਦਰਬਾਰ ਸਾਹਿਬ ਦੇ ਅੰਦਰ ਸਿਗਰਟ ਪੀਣ ਤੋਂ ਬਾਅਦ ਰਾਗੀ ਸਿੰਘਾਂ ਦੇ ਮੂੰਹ ‘ਤੇ ਸਿਗਰਟ ਦਾ ਧੂੰਆ ਛੱਡਣ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਮੁਲਜ਼ਮ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਸੇਵਾਦਾਰਾਂ ਵੱਲੋਂ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ। ਗੁਰੂ ਘਰ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਪਰਮਜੀਤ ਸਿੰਘ ਵਜੋਂ ਪਛਾਣ ਹੋਈ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਲੁਧਿਆਣਾ ਦਾ ਰਹਿਣ ਵਾਲਾ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਕਿਹਾ ਕਿ ਜੋ ਲੋਕ ਗੁਰੂ ਘਰਾਂ ਦੀ ਬੇਅਦਬੀ ਕਰਦੇ ਹਨ। ਉਨ੍ਹਾਂ ਨੂੰ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਜਾਣ-ਬੁੱਝ ਕੇ ਗੁਰੂ ਘਰਾਂ ਦੀ ਬੇਅਦਬੀ ਕਰਦੇ ਹਨ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਗ੍ਰਹਿ ਵਿਭਾਗ ‘ਤੇ ਵੀ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰਾਂ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਰਕਾਰ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ। ਜਿਸ ਕਰਕੇ ਇਹ ਮੁਲਜ਼ਮ ਵਾਰ-ਵਾਰ ਗੁਰੂ ਘਰ ‘ਚ ਆ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਦੇ ਹਨ।