ਮੋਰਿੰਡਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਦੁਸਹਿਰੇ ਦੇ ਸ਼ੁਭ ਅਵਸਰ `ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚਮਕੌਰ ਸਾਹਿਬ ਵਿਖੇ ਕਮਿਊਨਿਟੀ ਹੈਲਥ ਸੈਂਟਰ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਮੋਰਿੰਡਾ ਵਿਖੇ ਜਲਦ ਹੀ ਇੱਕ ਟਰੌਮਾ ਸੈਂਟਰ ਵੀ ਬਣਾਇਆ ਜਾਵੇਗਾ।
ਉਨ੍ਹਾਂ ਨੇ ਪਸ਼ੂਧਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਬਿਹਤਰ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਵਿੱਚ ਦਿਹਾਤੀ ਖੇਤਰਾਂ ਦੀਆਂ ਪਸ਼ੂ ਪਾਲਣ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਚੰਨੀ ਨੇ ਮੋਰਿੰਡਾ ਕਸਬੇ ਲਈ 42 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸੀਵਰੇਜ ਪ੍ਰੋਜੈਕਟ ਅਤੇ 28 ਕਰੋੜ ਰਪਏ ਦੀ ਲਾਗਤ ਨਾਲ ਨਹਿਰ ਅਧਾਰਤ ਜਲ ਸਪਲਾਈ ਯੋਜਨਾ ਦਾ ਵੀ ਐਲਾਨ ਕੀਤਾ। ਜਿਸ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਖੇਤਰ ਵਿੱਚ ਸਤਲੁਜ ਦਰਿਆ ਉੱਤੇ 114 ਕਰੋੜ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਦੁਸਹਿਰੇ ਦੇ ਜਸ਼ਨਾਂ ਮੌਕੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ।