ਰੂਪਨਗਰ : ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਜਿੱਥੇ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਨਾਲ ਸਬੰਧਤ ਵੱਖ ਵੱਖ ਮੁੱਦਿਆਂ ਤੇ ਆਪਣੀ ਰਾਇ ਰੱਖੀ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਦੇ ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਦੇ ਵਿੱਚ ਸਰਕਾਰ ਬਣਾਏਗਾ। ਉਨ੍ਹਾਂ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਦੇ 'ਤੇ ਬੀਜੇਪੀ ਵੱਲੋਂ ਪੰਜਾਬ ਦੇ ਵਿੱਚ ਵਧੀਆ ਪ੍ਰਫਾਰਮੇਂਸ ਕੀਤੇ ਜਾਣ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਰ ਪਾਰਟੀ ਚੋਣਾਂ ਤੋਂ ਬਾਅਦ ਜ਼ਰੂਰ ਦਾਅਵਾ ਕਰਦੀ ਹੈ ਪ੍ਰੰਤੂ 10 ਮਾਰਚ ਨੂੰ ਸਾਰੀਆਂ ਚੀਜ਼ਾਂ ਸਾਫ਼ ਹੋ ਜਾਣਗੀਆਂ ਕਿ ਕੌਣ ਕਿੰਨੇ ਪਾਣੀ ਦੇ ਵਿੱਚ ਹੈ।
ਕੇਂਦਰ ਸਰਕਾਰ ਦੇ ਵੱਲੋਂ ਸੰਘੀ ਢਾਂਚੇ ਦੇ ਖ਼ਿਲਾਫ਼ ਰਾਜਾਂ ਦੇ ਨਾਲ ਕੀਤੇ ਜਾ ਰਹੇ ਵਿਤਕਰੇ ਤੇ ਬੋਲਦਿਆਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਹਿਲਾਂ ਬੀਬੀਐਮਬੀ ਦੇ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨਾ ਫਿਰ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਨੂੰ ਦੇਣਾ 'ਤੇ ਹੁਣ ਸਿਟਕੋ ਦਾ ਐਮ ਡੀ ਪੰਜਾਬ ਤੋਂ ਬਾਹਰੀ ਵਿਅਕਤੀ ਬਣਨਾ।
ਇਹ ਸਾਫ ਤੌਰ ਤੇ ਸੰਕੇਤ ਕਰਦਾ ਹੈ ਕਿ ਕੇਂਦਰ ਹਰ ਚੀਜ਼ ਤੇ ਏਕਾ ਅਧਿਕਾਰ ਕਰਕੇ ਰਾਜਾਂ ਦੇ ਅਧਿਕਾਰਾਂ ਦੇ ਖ਼ਾਤਮੇ ਦੇ ਵੱਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਰਾਜਾਂ ਨੂੰ ਵੱਧ ਅਧਿਕਾਰ ਦੇਣ ਦਾ ਹਮਾਇਤੀ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ 'ਤੇ ਹੁਣ ਵੀ ਇਹ ਲੜਾਈ ਹਮੇਸ਼ਾਂ ਦੀ ਤਰ੍ਹਾਂ ਲੜੀ ਜਾਵੇਗੀl ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਬੀਐਮਬੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਵੀ ਘੇਰਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਮੁੱਦੇ ਤੇ ਚੁੱਪ ਰਹੀ ਜਦੋਂ ਕਿ ਕਾਂਗਰਸ ਸਰਕਾਰ ਨੂੰ ਚਾਹੀਦਾ ਸੀ ਕਿ ਜਦੋਂ ਪੰਜਾਬ ਦੇ ਨਾਲ ਧੱਕਾ ਹੋ ਰਿਹਾ ਹੈ ਤਾਂ ਖੁੱਲ੍ਹ ਕੇ ਉਸ ਦਾ ਵਿਰੋਧ ਕੀਤਾ ਜਾਂਦਾ।