ਰੂਪਨਗਰ: ਪੰਜਾਬ ਸਟੂਡੈਂਟਸ ਯੁਨੀਅਨ ਤੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੇ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਸਰਕਾਰ ਤੇ ਯੂਜੀਸੀ ਦੇ ਫੈਸਲੇ ਵਿਰੁੱਧ ਧਰਨਾ ਲਗਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਜ਼ਿਲ੍ਹੇ ਦੇ ਡੀਸੀ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਦਿੱਤਾ।
ਪੰਜਾਬ ਸਟੂਡੈਂਟਸ ਯੁਨੀਅਨ ਦੇ ਆਗੂ ਰਵੀ ਕੁਮਾਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਵਿੱਚ ਲੰਬੇ ਸਮੇਂ ਤੋਂ ਕਾਲਜ ਤੇ ਯੂਨੀਵਰਸਿਟੀਆਂ ਸਭ ਬੰਦ ਪਈਆਂ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਨੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਪ੍ਰੋਮੋਟ ਕਰ ਦਿੱਤਾ ਹੈ ਪਰ ਅਖੀਰਲੇ ਸਾਲ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਨੇ ਫਾਈਨਲ ਈਅਰ ਦੇ ਵਿਦਿਆਰਥੀਆਂ ਨੂੰ ਪ੍ਰੋਮਟ ਕਰਨ ਦੀ ਗੱਲ ਆਖੀ ਸੀ ਜਿਸ ਤੋਂ ਬਾਅਦ ਯੂਜੀਸੀ ਨੇ ਐਲਾਨ ਕੀਤਾ ਤੇ ਸਤੰਬਰ ਵਿੱਚ ਫਾਈਨਲ ਈਅਰ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਉਨ੍ਹਾਂ ਦੀਆਂ ਚੰਗੀ ਤਰ੍ਹਾਂ ਕਲਾਸਾਂ ਨਹੀਂ ਲੱਗ ਰਹੀਆਂ ਹਨ ਨਾ ਹੀ ਉਨ੍ਹਾਂ ਦਾ ਸਿਲੇਬਸ ਪੂਰਾ ਹੋਇਆ ਹੈ। ਜੇਕਰ ਇਨ੍ਹਾਂ ਹਾਲਾਤਾਂ ਵਿੱਚ ਪ੍ਰੀਖਿਆਵਾਂ ਹੁੰਦੀਆਂ ਹਨ ਤਾਂ ਉਨ੍ਹਾਂ ਦੀਆਂ ਜ਼ਿਆਦਾ ਕਮਪਾਰਮੈਂਟਾਂ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਹੀ ਪ੍ਰਧਾਨ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰੀਖਿਆਵਾਂ ਹੁੰਦੀਆਂ ਹਨ ਤਾਂ ਇਸ ਨਾਲ ਕੋਰੋਨਾ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਜ਼ਿਆਦਾ ਵੱਧ ਜਾਂਦਾ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਬਿਨਾਂ ਪ੍ਰੀਖਿਆਵਾਂ ਤੋਂ ਪ੍ਰੋਮੋਟ ਕੀਤਾ ਜਾਵੇ।
ਇਹ ਵੀ ਪੜ੍ਹੋ:ਕਾਂਗਰਸ ਸਰਕਾਰ ਨੇ ਰੂਪਨਗਰ ਦੇ ਵਿਕਾਸ ਵਾਸਤੇ ਕੁਝ ਨਹੀਂ ਕੀਤਾ : ਮੱਕੜ