ਰੂਪਨਗਰ: ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਅਤੇ ਹਨੇਰੀ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਜਿਸ ਕਾਰਨ ਕਿਸਾਨਾਂ ਦੀ ਫ਼ਸਲ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਹੈ। ਰੂਪਨਗਰ ਵਿੱਚ ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਕਈ ਥਾਈਂ ਝੋਨੇ ਦੀ ਪੱਕੀ ਹੋਈ ਫ਼ਸਲ ਧਰਤੀ 'ਤੇ ਵਿੱਛ ਗਈ ਹੈ।
ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਸ ਬਾਰਿਸ਼ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਮੌਕੇ ਖੇਤਾਂ ਦਾ ਦੌਰਾ ਵੀ ਕੀਤਾ ਅਤੇ ਬਾਰਿਸ਼ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਬਾਰਿਸ਼ ਅਤੇ ਹਨੇਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਇਸ ਮੌਕੇ ਉਨ੍ਹਾਂ ਕਿਹਾ ਕਿ ਕਾਫ਼ੀ ਲੰਮੇ ਸਮੇਂ ਤੋਂ ਪੁੱਤਾਂ ਵਾਂਗ ਪਾਲੀ ਫਸਲ ਨੂੰ ਵੱਢ ਕੇ ਹੁਣ ਜਦੋਂ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲਣਾ ਸੀ ਤਾਂ ਹੁਣ ਇਸ ਬਾਰਿਸ਼ ਕਾਰਨ ਕਿਸਾਨਾਂ ਦੀਆਂ ਆਸਾਂ ਉੱਤੇ ਵੀ ਪਾਣੀ ਫਿਰ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇੱਕ ਤਾਂ ਮਹਿੰਗਾਈ ਦੀ ਮਾਰ ਹੈ ਅਤੇ ਇਸ ਤੋਂ ਉੱਪਰ ਕੁਦਰਤ ਦੀ ਮਾਰ ਕਿਸਾਨਾਂ ਨੂੰ ਅਲੱਗ ਝੱਲਣੀ ਪੈ ਰਹੀ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰੀ ਬਾਰਿਸ਼ ਨਾਲ਼ ਹੋਏ ਇਸ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵੀ ਆਪਣੀ ਫਸਲ ਸੁੱਟੀ ਗਈ ਹੈ, ਪ੍ਰੰਤੂ ਬਾਰਿਸ਼ ਦੇ ਕਾਰਨ ਉਨ੍ਹਾਂ ਦੀ ਫਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਰੰਤੂ ਦੂਜੇ ਪਾਸੇ ਬਾਰਿਸ਼ ਨੇ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਬਾਰਿਸ਼ ਤੋਂ ਫਸਲ ਦੇ ਬਚਾਅ ਸਬੰਧੀ ਪੁਖਤਾ ਪ੍ਰਬੰਧ ਕਰ ਕੇ ਰੱਖਣੇ ਚਾਹੀਦੇ ਸਨ। ਇਸ ਦੇ ਨਾਲ ਹੀ ਵਿਧਾਇਕ ਸੰਦੋਆ ਨੇ ਮੰਗ ਕੀਤੀ ਹੈ ਕਿ ਮੰਡੀ ਵਿੱਚ ਬਰਬਾਦ ਹੋਈ ਫਸਲ ਦਾ ਵੀ ਕਿਸਾਨਾਂ ਨੂੰ ਪੂਰਾ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ:- ਪੰਜਾਬ ਸਰਕਾਰ ਦੀ ਬਿੱਲ ਮੁਆਫ਼ੀ ਯੋਜਨਾ ਨੂੰ ਲੱਗ ਸਕਦਾ ਗ੍ਰਹਿਣ