ਰੂਪਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 14 ਫਰਵਰੀ 2019 ਨੂੰ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ਵਿੱਚ 42 ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਚਾਰ ਜਵਾਨ ਪੰਜਾਬ ਦੇ ਸਨ।
ਇਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਰੌਲੀ ਦਾ ਜਵਾਨ ਕੁਲਵਿੰਦਰ ਸਿੰਘ ਵੀ ਸ਼ਾਮਲ ਸੀ। ਸ਼ਹੀਦ ਕੁਲਵਿੰਦਰ ਦੀ ਪਹਿਲੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਪਿੰਡ ਦੇ ਸਰਕਾਰੀ ਮਿਡਲ ਸਕੂਲ ਦਾ ਨਾਂ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਮਿਡਲ ਸੈਲਫ ਮੇਡ ਸਮਾਰਟ ਸਕੂਲ ਰੱਖ ਦਿੱਤਾ ਗਿਆ ਹੈ।
ਇਸ ਮੌਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਰੂਪ ਵਿੱਚ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਸ਼ਹੀਦ ਦੇ ਪਿੰਡ ਪਹੁੰਚੀ ਅਤੇ ਉਨ੍ਹਾਂ ਉਦਘਾਟਨ ਕਰ ਕੇ ਸਕੂਲ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।
ਜ਼ਿਕਰਯੋਗ ਹੈ ਕਿ ਪ੍ਰਸ਼ਾਸ਼ਨ ਵੱਲੋਂ ਬੀਤੇ ਸਾਲ ਪਿੰਡ ਦੇ ਮਿਡਲ ਸਕੂਲ ਦਾ ਨਾਂਅ ਬਦਲ ਕੇ ਸ਼ਹੀਦ ਦੇ ਨਾਂ ਉੱਤੇ ਰੱਖਣ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਅੱਜ ਉਕਤ ਵਾਅਦਾ ਨਿਭਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਾ ਸਿਰਫ ਸਕੂਲ ਦੀ ਇਮਾਰਤ ਉੱਤੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਮਿਡਲ ਸੈਲਫ ਸਮਾਰਟ ਸਕੂਲ ਹੀ ਲਿਖਵਾਇਆ ਬਲਕਿ ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ਉੱਤੇ ਯਾਦਗਾਰੀ ਪੱਥਰ ਵੀ ਲਗਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਮਿਡਲ ਤੇ ਪ੍ਰਾਇਮਰੀ ਸਕੂਲ ਦਾ ਅਲੱਗ-ਅਲੱਗ ਦੌਰਾ ਕੀਤਾ ਅਤੇ ਬੱਚਿਆਂ ਤੇ ਸਟਾਫ਼ ਨਾਲ ਗੱਲਬਾਤ ਕਰਨ ਉਪਰੰਤ ਉਨਾਂ ਸਮੁੱਚੇ ਸਿੱਖਿਆ ਪ੍ਰਬੰਧਾਂ ਦੀ ਰਿਪੋਰਟ ਹਾਸਲ ਕੀਤੀ। ਉਨਾਂ ਸਿੱਖਿਆ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ ਤੇ ਹੋਰ ਸਾਜੋ-ਸਮਾਨ ਉਪਲੱਬਧ ਕਰਵਾਉਣ ਦੇ ਹੁਕਮ ਦਿੱਤੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦਿਨੇਸ਼ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸਕੂਲ ਵਿੱਚ ਬੱਚਿਆਂ ਤੇ ਸਟਾਫ਼ ਦੀ ਗਿਣਤੀ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੁੱਚੀ ਜਾਣਕਾਰੀ ਮੁਹੱਈਆ ਕਰਵਾਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਤੇ ਉਨ੍ਹਾਂ ਦੀ ਬਦੌਲਤ ਹੀ ਸਾਰੇ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਸ਼ਹੀਦਾਂ ਦੀ ਕੁਰਬਾਨੀ ਦਾ ਮੁੱਲ ਕਿਸੀ ਵੀ ਸੂਰਤ ’ਚ ਮੋੜਿਆ ਨਹੀਂ ਜਾ ਸਕਦਾ। ਉਨਾਂ ਸਮੂਹ ਪਿੰਡ ਵਾਸੀਆਂ ਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਹ ਪਿੰਡ ਦੀ ਬੇਹਤਰੀ ਲਈ ਭਵਿੱਖ ਵਿੱਚ ਜੋ ਵੀ ਮੰਗ ਰੱਖਣਗੇ ਨੂੰ ਹਰ ਹਾਲ ਵਿੱਚ ਪਹਿਲ ਦੇ ਆਧਾਰ ਉੱਤੇ ਪੂਰੀ ਕੀਤੀ ਜਾਵੇਗੀ।