ਰੋਪੜ: ਪੰਜਾਬ ਸਰਕਾਰ ਵੱਲੋਂ ਸਾਲ ਭਰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੂਪਨਗਰ ਦੇ ਪਿੰਡ ਗੰਧੋ ਕਲਾਂ ਵਿੱਚ ਸਥਿਤ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।
ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿੱਚ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ - ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ
ਰੂਪਨਗਰ ਦੇ ਪਿੰਡ ਗੰਧੋ ਕਲਾਂ ਵਿੱਚ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।
ਗੰਧੋ ਕਲਾਂ ਦੇ ਸਰਕਾਰੀ ਸਕੂਲ ਦੀ ਇੰਚਾਰਜ ਰਜਿੰਦਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਲ ਭਰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ। ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਨੂੰ ਅਪਣਾਉਣਾ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੁਰੀ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਜੀ ਨੇ ਆਪਣੀ ਬਾਣੀ ਰਾਹੀਂ ਔਰਤ ਦੀ ਦਸ਼ਾ ਨੂੰ ਸੁਧਾਰਨ, ਉਚ-ਨੀਚ ਖ਼ਤਮ ਕਰਨ, ਵਹਿਮਾਂ-ਭਰਮਾਂ ਤੋਂ ਮੁਕਤੀ ਦਿਵਾਉਣ ਦੇ ਨਾਲ-ਨਾਲ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੀ ਸੇਧ ਵੀ ਦਿੱਤੀ ਹੈ। ਗੁਰੂ ਨਾਨਕ ਦੇਵ ਜੀ ਨੇ ਜਿੱਥੇ ਧਾਰਮਿਕ ਵਖਰੇਵਿਆਂ ਨੂੰ ਰੱਦ ਕੀਤਾ, ਉੱਥੇ ਹੀ ਔਰਤ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਅਤੇ ਅਸਲੋਂ ਨਵਾਂ ਫਲਸਫ਼ਾ ਦੇ ਕੇ ਵਿਲੱਖਣ ਅਤੇ ਉੱਤਮ ਜ਼ਿੰਦਗੀ ਜਿਊਣ ਦਾ ਸਲੀਕਾ ਸਿਖਾਇਆ।