ਰੋਪੜ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਦਰ ਸਾਲ 2021 ਦੌਰਾਨ ਹੋਈ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀ ਨੂੰ ਜ਼ਿਲ੍ਹਾ ਅਦਾਲਤ ਨੇ 5 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਉੱਤੇ ਕੁੱਲ 10,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਦੋਸ਼ੀ ਪਰਮਜੀਤ ਸਿੰਘ ਵਾਸੀ ਲੁਧਿਆਣਾ ਨੇ ਸਾਲ 2021 ਵਿੱਚ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਪਵਿੱਤਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕੀਰਤਨੀ ਜਥੇ ਕੋਲ ਬੈਠ ਕੇ ਸਿਗਰਟ ਬਾਲ ਕੇ ਪਾਠੀ ਸਿੰਘਾਂ ਵੱਲ ਧੂੰਆਂ ਉਡਾਇਆ।
ਦੋਸ਼ੀ ਨੂੰ ਸੁਣਾਈ ਗਈ ਸਜ਼ਾ: ਇਸ ਤੋਂ ਬਾਅਦ ਮੁਲਜ਼ਮ ਨੇ ਪਾਠੀ ਸਿੰਘ ਵੱਲ ਸਿਰੇਟ ਸੁੱਟ ਦਿੱਤੀ। ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਪਰਮਜੀਤ ਸਿੰਘ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਪਿਛਲੇ ਸਾਲ 17 ਮਈ ਨੂੰ ਤਤਕਾਲੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਦੀ ਅਦਾਲਤ ਵਿੱਚ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਸਨ। ਵੀਰਵਾਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਦੋਸ਼ੀ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ 3 ਸਾਲ ਅਤੇ ਅੱਗ ਲਾਉਣ ਦੀ ਕੋਸ਼ਿਸ ਕਰਕੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ 'ਤੇ 5 ਸਾਲ ਦੀ ਸਜ਼ਾ ਸੁਣਾਈ। ਦੋਵਾਂ ਧਾਰਾਵਾਂ ਵਿੱਚ ਉਸ ਨੂੰ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਜਥੇਦਾਰ ਨੇ ਸਜ਼ਾ ਨੂੰ ਦੱਸਿਆ ਨਾਕਾਫੀ, ਹੋਰ ਸਖ਼ਤ ਸਜ਼ਾ ਦੀ ਕੀਤੀ ਮੰਗ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਾਲ 2021 ਵਿੱਚ ਸਿਗਰਟ ਸੁੱਟ ਕੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਰੋਪੜ ਦੀ ਜ਼ਿਲ੍ਹਾ ਅਦਾਲਤ ਨੇ 5 ਸਾਲ ਦੀ ਸਜ਼ਾ ਅਤੇ 10 ਹਜ਼ਾਰ ਰਪਏ ਜ਼ੁਰਮਾਨਾ ਲਾਇਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਸਜ਼ਾ ਨੂੰ ਨਾ-ਮਾਤਰ ਦੱਸ ਰਹੇ ਨੇ ਅਤੇ ਉਹ ਅਦਾਲਤ ਦੇ ਫੈਸਲੇ ਤੋ ਖੁਸ਼ ਨਹੀਂ ਹਨ।
ਫੈਸਲੇ ਤੋਂ ਨਰਾਜ਼ ਕੌਮ ਦੇ ਜਥੇਦਰ:ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜ਼ਿਲ੍ਹਾ ਅਦਾਲਤ ਵੱਲੋਂ ਸੁਣਾਈ ਗਈ ਇਸ ਸਜ਼ਾ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਗਰਟਨੋਸ਼ੀ ਨਾਲ ਬੇਅਦਬੀ ਕਰਨ ਵਾਲੇ ਦੁਸ਼ਟ ਵਿਅਕਤੀ ਨੂੰ ਪ੍ਰਸਾਸ਼ਨ ਦੀ ਅਣਗਹਿਲੀ ਕਾਰਨ, ਕੋਰਟ ਵਿੱਚ ਸਹੀ ਤਰੀਕੇ ਨਾਲ ਕੇਸ ਨਾ ਪੇਸ਼ ਕਰਨ ਕਰਕੇ ਅਤੇ ਸਹੀ ਢੰਗ ਨਾਲ ਸਰਕਾਰ ਵੱਲੋਂ ਕੇਸ ਦੀ ਪੈਰਵਾਈ ਨਾ ਕਰਨ ਕਰਕੇ ਜੋ ਅਦਾਲਤ ਨੇ ਦੋਸ਼ੀ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ, ਇਹ ਸਿੱਖ ਪੰਥ ਨਾਲ ਵੱਡੀ ਨਾ-ਇਨਸਾਫੀ ਹੈ। ਦਿਨ ਪ੍ਰਤੀ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰ ਵੱਲੋਂ ਨਾ ਪ੍ਰਸ਼ਾਸ਼ਨ ਵੱਲੋਂ ਕੋਈ ਢੁੱਕਵੀਂ ਕਾਰਵਾਈ ਕੀਤੀ ਜਾਂਦੀ ਹੈ। ਨਾ ਹੀ ਕੋਈ ਐਸਾ ਕਾਨੂੰਨ ਬਣਾਇਆ ਜਾ ਰਿਹਾ ਹੈ, ਜਿਸ ਨਾਲ ਇਸ ਤਰ੍ਹਾਂ ਦੇ ਪੰਥ ਦੋਖੀ ਸਮਾਜ ਵਿਰੋਧੀ ਲੋਕਾਂ ਨੂੰ ਨੱਥ ਪਾਈ ਜਾ ਸਕੇ। ਇਸ ਤਰ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੋਈ ਅਜਿਹਾ ਘਿਨੌਣਾ ਕਾਰਾ ਕਰਨ ਦਾ ਹੀਆ ਹੀ ਨਾ ਕਰ ਸਕੇ।