ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ। ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।
ਸੈਰ ਸਪਾਟਾ: ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਅਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।
ਕਾਬਲੀਅਤ ਦਿਖਾਉਣ ਦਾ ਮੌਕਾ:ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।