ਮੋਹਾਲੀ:ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦੇ ਅਤੇ ਦੁੱਧ ਉਤਪਾਦਕਾਂ ਵੱਲੋਂ ਫੇਜ਼ 6 ਵਿਖੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਧਰਨਾ ਦਿੱਤਾ ਗਿਆ। ਦੁੱਧ ਉਤਪਾਦਕਾਂ ਵੱਲੋਂ ਦੁੱਧ ਦੇ ਰੇਟ ਵੇਰਕਾ ਮਿਲਕ ਪਲਾਂਟ ਵੱਲੋਂ ਘੱਟ ਕੀਤੇ ਜਾਣ ਨੂੰ ਲੈ ਕੇ ਕਾਫੀ ਰੋਸ ਜ਼ਾਹਿਰ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰਦੇ ਹੋਏ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਦਾ ਪੁਤਲਾ ਫੂਕਿਆ ਗਿਆ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸੈਕਟਰੀ ਗਿਆਨ ਸਿੰਘ ਧੜਾਕ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਇੱਥੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਹਰ ਦਿਨ ਨਵੇਂ ਨਵੇਂ ਅਧਿਕਾਰੀਆਂ ਦਾ ਪੁਤਲਾ ਫੂਕਿਆ ਜਾਵੇਗਾ, ਜੇ ਜ਼ਰੂਰਤ ਪਈ ਤਾਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੜਤਾਲ ਲਗਾਤਾਰ ਜਾਰੀ ਰਹੇਗੀ ਜਦ ਤਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ।