ਮੋਹਾਲੀ: ਕੋਵਿਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਲਾਜ਼, ਟੀਕਾਕਰਣ ਅਤੇ ਆਊਟਰੀਚ ਸਬੰਧੀ ਗਤੀਵਿਧੀਆਂ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ।
ਇਸ ਸਬੰਧੀ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲੇ ’ਚ ਵਿਆਹ ਅਤੇ ਅੰਤਿਮ ਸੰਸਕਾਰ ਵਿਚ ਇਕੱਠ ਨੂੰ 20 ਵਿਅਕਤੀਆਂ ਤੱਕ ਸੀਮਿਤ ਕੀਤਾ ਗਿਆ ਹੈ ਅਤੇ ਕੰਟੇਨਮੈਂਟ ਜ਼ੋਨਾਂ ਦੇ ਆਲੇ-ਦੁਆਲੇ ਅਣਅਧਿਕਾਰਤ ਇਕੱਠ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਅਤੇ ਮਾਲ ਅਧਿਕਾਰੀ ਪ੍ਰੋਟੋਕੋਲਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਬਾਜ਼ਾਰਾਂ ਅਤੇ ਭੀੜ ਵਾਲੇ ਖੇਤਰਾਂ ਵਿਚ ਅਚਨਚੇਤ ਚੈਕਿੰਗ ਕਰਨਗੇ। ਉਹ ਮੈਰਿਜ ਪੈਲੇਸਾਂ ਦੀ ਨਿਗਰਾਨੀ ਵੀ ਕਰਨਗੇ ਜਿਸ ਵਿੱਚ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਮਹਿਮਾਨਾਂ ਨੂੰ ਜ਼ੁਰਮਾਨੇ ਲਗਾਉਣ ਦੇ ਨਾਲ ਨਾਲ ਆਪਣੇ ਪੈਲੇਸ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ 'ਤੇ ਮੈਰਿਜ ਪੈਲੇਸ ਦੇ ਮਾਲਕ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।