ਮੁਹਾਲੀ: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੁਹਾਲੀ ਦੇ IS ਬਿੰਦਰਾ ਸਟੇਡੀਅਮ 'ਚ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਵਿੱਚ ਕਰੀਬ 3 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਰੀਬ 15 ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸੁਰੱਖਿਆ ਲਈ ਮੁਹਾਲੀ ਪੁਲਿਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਪੁਲਿਸ ਮੁਲਾਜ਼ਮ ਵੀ ਬੁਲਾਏ ਗਏ ਹਨ। ਮੁਹਾਲੀ ਪੁਲਿਸ ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਦਿੱਕਤ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ।
ਆਈਜੀ ਭੁੱਲਰ ਹੱਥ ਸੁਰੱਖਿਆ ਦੀ ਜ਼ਿੰਮੇਵਾਰੀ:ਇਸ ਮੈਚ ਸਬੰਧੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੈਚ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੀ ਹੋਵੇਗੀ। ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਅਤੇ ਰੋਪੜ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਕਰਨਗੇ। ਇਸ ਵਿੱਚ ਸਟੇਡੀਅਮ ਦੇ ਅੰਦਰ ਡਾਕਟਰ ਸੰਦੀਪ ਗਰਗ ਦੀ ਜ਼ਿੰਮੇਵਾਰੀ ਹੋਵੇਗੀ, ਜਦੋਂਕਿ ਵਿਵੇਕਸ਼ੀਲ ਸੋਨੀ ਸਟੇਡੀਅਮ ਦੇ ਬਾਹਰਲੇ ਖੇਤਰਾਂ ਵਿੱਚ ਤਾਇਨਾਤ ਰਹਿਣਗੇ।
10 ਥਾਵਾਂ 'ਤੇ ਪਾਰਕਿੰਗ ਦਾ ਪ੍ਰਬੰਧ:ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੁਹਾਲੀ ਪ੍ਰਸ਼ਾਸਨ ਨੇ 10 ਥਾਵਾਂ 'ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ। ਇਸ ਵਿੱਚ ਸਭ ਤੋਂ ਵੱਡੀ ਪਾਰਕਿੰਗ ਸੈਕਟਰ-68 ਜੰਗਲਾਤ ਵਿਭਾਗ ਦੇ ਸਾਹਮਣੇ ਬਣਾਈ ਗਈ ਹੈ। ਇੱਥੇ ਕਰੀਬ 1000 ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਹੈ।