ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕੇਵਲ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸ.ਸ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਕੁਝ ਪ੍ਰਬੰਧਕਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ ਜੋ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।