ਮੋਹਾਲੀ:ਹਰੇਕ ਵਿਅਕਤੀ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਮੰਤਵ ਨਾਲ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ(Newly appointed Deputy Commissioner Mrs. Isha Kalia) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਆਪਣੇ ਦਫ਼ਤਰ ਦਾ ਕਾਰਜਭਾਰ ਸੰਭਾਲ ਲਿਆ ਹੈ।
ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਵੱਖਰੀ ਕਿਸਮ ਦੀ ਪਹੁੰਚ ਦੀ ਲੋੜ ਹੁੰਦੀ ਹੈ, ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਬੇੜੇ ਲਈ ਚੀਜ਼ਾਂ ਨੂੰ ਤਰਜੀਹ ਦੇ ਆਧਾਰ ਉਤੇ ਵੰਡਣਗੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਉਨ੍ਹਾਂ ਦੇ ਕੰਮ ਦੇ ਸਬੰਧ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।
ਕੋਵਿਡ-19 ਦੀ ਸੰਭਾਵਤ ਤੀਜੀ ਲਹਿਰ ਨੂੰ ਰੋਕਣ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀ ਕਾਰਜ ਯੋਜਨਾ ਦੀ ਚੰਗੀ ਤਰ੍ਹਾਂ ਸਮੀਖਿਆ ਕਰਨਗੇ ਅਤੇ ਇਸ ਬਹੁਤ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਰੋਕਣ ਲਈ ਕਦਮ ਚੁੱਕਣਗੇ।
ਉਨ੍ਹਾਂ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ 'ਤੇ ਜ਼ੋਰ ਦਿੱਤਾ ਅਤੇ ਨਿਰਦੇਸ਼ ਦਿੱਤੇ ਕਿ ਇਸ ਸਬੰਧ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਾਰੇ ਜ਼ਿਲ੍ਹਾ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।