ਮੁਹਾਲੀ:ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਦੇ ਡੇਰਾਬੱਸੀ 'ਚ ਦਿਨ-ਦਿਹਾੜੇ ਲੁੱਟ-ਖੋਹ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਡੇਰਾਬੱਸੀ 'ਚ ਕੁਝ ਲੁਟੇਰੇ ਇੱਕ ਪ੍ਰਾਪਰਟੀ ਡੀਲਰ ਤੋਂ ਕਰੋੜਾਂ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਬਦਮਾਸ਼ਾਂ ਨੇ ਗੋਲੀ ਚਲਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾਬੱਸੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਝ ਲੁਟੇਰੇ ਵਿਖਾਈ ਦੇ ਰਹੇ ਹਨ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾਬੱਸੀ-ਬਰਵਾਲਾ ਚੌਕ ਨੇੜੇ ਐਸਬੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਤੋਂ ਲੁਟੇਰੇ ਕਰੋੜਾਂ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ ਅਤੇ ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸਦਾ ਨਾਮ ਮੁਹੰਮਦ ਸਾਜਿਦ ਹੈ। ਸ਼ਖ਼ਸ ਨੂੰ ਗੰਭੀਰ ਹਾਲਤ 'ਚ ਡੇਰਾਬੱਸੀ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਜੀਐਮਸੀਐਚ 32 ਰੈਫਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਲਈ 5 ਤੋਂ 6 ਬਦਮਾਸ਼ ਦੋ ਮੋਟਰਸਾਇਕਲਾਂ 'ਤੇ ਆਏ ਸਨ।