ਮੋਹਾਲੀ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਮੰਗਲਵਾਰ ਮੋਹਾਲੀ ਭਾਜਪਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪੁੱਜੇ। ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਗੁਲਦਸਤੇ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ ਗਿਆ। ਸੰਜੀਵ ਵਸ਼ਿਸ਼ਟ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਮੁੱਚੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਲ੍ਹਾ ਮੁਹਾਲੀ ਵਿੱਚ ਭਾਜਪਾ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ।
ਭਾਜਪਾ ਦੇ ਵਰਕਰਾਂ ਨੂੰ ਚੋਣਾਂ ਦੀ ਤਿਆਰੀ ਵਿੱਚ ਲੱਗਣ ਦੀ ਦਿੱਤੀ ਹਦਾਇਤ:ਇਸ ਮੌਕੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਵਰਕਰ ਆਉਣ ਵਾਲੀਆਂ ਸਥਾਨਕ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਆਪਣੇ ਇਲਾਕੇ ਵਿੱਚ ਆਪਣੇ ਆਲੇ-ਦੁਆਲੇ ਦੇ ਲੋਕਾਂ ਲਈ ਕੰਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ। ਜੇਕਰ ਇਸ ਲਈ ਰੋਸ ਪ੍ਰਦਰਸ਼ਨ ਕਰਨਾ ਪੈਂਦਾ ਹੈ ਤਾਂ ਪਿੱਛੇ ਨਾ ਹਟਣ ਅਤੇ ਜਨਤਾ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ।
ਕਾਨੂੰਨ ਵਿਵਸਥਾ ਉਤੇ ਚੁੱਕੇ ਸਵਾਲ: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿੱਚ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਦਬਦਬਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਦਾ ਮਨੋਬਲ ਇੰਨਾ ਉੱਚਾ ਹੈ ਕਿ ਉਨ੍ਹਾਂ ਨੂੰ ਪੁਲਿਸ, ਸਰਕਾਰ, ਕਾਨੂੰਨ ਦਾ ਕੋਈ ਡਰ ਨਹੀਂ ਹੈ। ਪੁਲਿਸ ਮੁਲਾਜ਼ਮਾਂ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈ। ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਭਾਰਤੀ ਜਨਤਾ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਪੰਜਾਬ ਦੇ ਲੋਕਾਂ ਵਿੱਚ ਡਰ ਇੰਨਾ ਭਾਰੂ ਹੋ ਗਿਆ ਹੈ ਕਿ ਇਸ ਡਰ ਕਾਰਨ ਲੋਕ ਆਪਣੇ ਨਿੱਜੀ ਗਹਿਣੇ ਪਹਿਨਣ ਤੋਂ ਵੀ ਗੁਰੇਜ਼ ਕਰਨ ਲੱਗ ਪਏ ਹਨ।
ਪੰਜਾਬ ਵਿੱਚੋਂ GST ਆਮਦਨ ਘੱਟੀ:ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਪੰਜਾਬ ਵਿੱਚ ਰੇਤਾ-ਬੱਜਰੀ ਸਮੇਤ ਰੋਜ਼ਾਨਾ ਲੋੜ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਪੰਜਾਬ ਵਿੱਚ ਆਮ ਲੋਕਾਂ ਲਈ ਘਰ ਬਣਾਉਣਾ ਸੁਪਨਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ ਅਤੇ ਹਾਲੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਜੀਐਸਟੀ ਤੋਂ ਹੋਣ ਵਾਲੀ ਆਮਦਨ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪ੍ਰਤੀ ਵਿਅਕਤੀ ਜੀਐਸਟੀ ਆਮਦਨ ਘੱਟ ਕੇ 551 ਰੁਪਏ ਰਹਿ ਗਈ ਹੈ, ਜਦੋਂ ਕਿ ਸਾਡੇ ਗੁਆਂਢੀ ਰਾਜ ਹਰਿਆਣਾ ਦੀ ਆਮਦਨ ਵਧ ਕੇ 2356 ਰੁਪਏ ਹੋ ਗਈ ਹੈ। ਭਗਵੰਤ ਮਾਨ ਸਰਕਾਰ ਆਪਣੇ ਕੂੜ ਪ੍ਰਚਾਰ ਲਈ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਰੋਜ਼ਾਨਾ ਕਰੋੜਾਂ ਰੁਪਏ ਬੇਲੋੜੇ ਇਸ਼ਤਿਹਾਰਾਂ 'ਤੇ ਖਰਚ ਕਰਕੇ ਪੰਜਾਬ ਦੇ ਖ਼ਜ਼ਾਨੇ 'ਤੇ ਵਾਧੂ ਬੋਝ ਪਾ ਰਹੀ ਹੈ।