ਸੰਗਰੂਰ: ਮਿਸ਼ਨ 2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਦੇ ਲਈ ਲਗਾਈ ਅਬਜ਼ਰਵਰ ਪ੍ਰੋ. ਬਲਜਿੰਦਰ ਕੌਰ ਨੇ ਵਿਧਾਨ ਸਭਾ ਹਲਕਾ ਸੁਨਾਮ ਅਤੇ ਲਹਿਰਾਗਾਗਾ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਆਪ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਰਹੇ। ਇਸ ਮੌਕੇ ਬਲਜਿੰਦਰ ਕੌਰ ਅਤੇ ਅਮਨ ਅਰੋੜਾ ਵੱਲੋਂ ਵਰਕਰਾਂ ਨੂੰ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ।
ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਸ਼ਨ 2022 ਪੰਜਾਬ ਚੋਣਾਂ ਨੂੰ ਲੈ ਕੇ ਵਰਕਰ ਮੀਟਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਆਰਡੀਨੈਂਸ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੋਹਰੀ ਨੀਤੀ ਅਪਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਕੇਂਦਰ ਵਿੱਚ ਜਾ ਕੇ ਹੋਰ ਸਟੈਂਡ ਲੈ ਰਹੇ ਹਨ ਅਤੇ ਪੰਜਾਬ ਵਿੱਚ ਆ ਕੇ ਹੋਰ ਸਟੈਂਡ ਲੈ ਰਹੇ ਹਨ।