ਬਰਨਾਲਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਖਾੜੇ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂ ਸਰਗਰਮ ਹੋ ਗਏ ਹਨ। ਇਸੇ ਦੇ ਮੱਦੇਨਜ਼ਰ ਹੀ ਕਾਂਗਰਸੀ ਆਗੂ ਅਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਬਰਨਾਲਾ ਤੋਂ ਆਪਣੇ ਜੱਦੀ ਪਿੰਡ ਟੱਲੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਸਾਰਾ ਪਰਿਵਾਰ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ।
ਮੋਦੀ ਨੇ ਕੀਤਾ ਦੇਸ਼ ਦਾ ਬੇੜਾਗਰਕ: ਕੇਵਲ ਸਿੰਘ ਢਿੱਲੋਂ - ਭਾਜਪਾ
ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੇ ਉਮੀਦਵਾਰਾਂ ਦਾ ਆਪਣੇ ਇਲਾਕੇ ਦੇ ਲੋਕਾਂ ਵਿੱਚ ਆਪਣੀ ਮਜ਼ਬੂਤੀ ਨੂੰ ਬਣਾਉਣ ਨੂੰ ਲੈ ਕੇ ਉਨ੍ਹਾਂ ਵਿੱਚ ਵਿਚਰਣ ਦਾ ਸਿਲਸਿਲਾ ਜਾਰੀ ਹੈ। ਸੰਗਰੂਰ ਤੋਂ ਕਾਂਗਰਸ ਦੇ ਲੋਕ ਸਭਾ ਚੋਣਾਂ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਆਪਣੇ ਪੁਰਖਿਆਂ ਦੇ ਪਿੰਡ ਟੱਲੇਵਾਲ ਦੇ ਗੁਰੂਘਰ ਵਿਖੇ ਨਤਮਸਤਕ ਹੋਏ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਵਾਰ ਕੇਂਦਰ ਵਿੱਚ ਕਾਂਗਰਸ ਦੀ ਹੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਬਰਨਾਲਾ ਜਿਲ੍ਹੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਜਿਲ੍ਹੇ ਵਿੱਚ ਕੋਈ ਵੀ ਵੱਡਾ ਵਿਦਿਅਕ ਆਦਾਰਾ ਨਹੀਂ ਹੈ। ਇਸ ਲਈ ਬੱਚਿਆਂ ਦੀ ਸਿੱਖਿਆ ਲਈ ਵੱਡੇ ਵਿੱਦਿਅਕ ਅਦਾਰੇ ਦਾ ਪ੍ਰਬੰਧ ਕੀਤਾ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਮੋਦੀ ਸਰਕਾਰ ਨੇ ਜੀਐਸਟੀ ਅਤੇ ਨੋਟਬੰਦੀ ਕਰਕੇ ਮੁਲਕ ਦਾ ਬੇੜਾ ਗਰਕ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਨਾ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਦੀ ਸਰਕਾਰ ਬਣੇਗੀ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਇਸ ਲਈ ਵੋਟਾਂ ਉਸ ਪਾਰਟੀ ਨੂੰ ਪਾਈਆਂ ਜਾਣ ਜਿਸ ਦੀ ਸਰਕਾਰ ਬਣੇਗੀ।