ਸੰਗਰੂਰ: ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸੰਗਰੂਰ ਨਗਰ ਕੌਂਸਲ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਿਕਾਸ ਲਈ ਆਏ 9 ਕਰੋੜ ਰੁਪਏ ਨਗਰ ਕੌਂਸਲ ਵੱਲੋਂ ਨਗਰ ਸੁਧਾਰ ਟਰੱਸਟ ਨੂੰ ਟਰਾਂਸਫਰ ਕੀਤੇ ਜਾ ਰਹੇ ਹਨ, ਜਿਸ 'ਚ ਉਨ੍ਹਾਂ ਨੂੰ ਘਪਲੇਬਾਜ਼ੀ ਦਾ ਖਦਸ਼ਾ ਹੈ।
ਭਾਜਪਾ ਨੇ ਸੰਗਰੂਰ ਨਗਰ ਕੌਂਸਲ ਦੇ ਦਫ਼ਤਰ ਨੂੰ ਲਾਇਆ ਤਾਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੀ ਚੋਣ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਕਾਂਗਰਸੀ ਲੋਕ ਉਸ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਥੇ ਫੰਡਾਂ ਦੀ ਸਹੀ ਤਰੀਕੇ ਨਾਲ ਵਰਤੋਂ ਨਾ ਹੋਣ ਦਾ ਖਦਸ਼ਾ ਹੈ। ਭਾਜਪਾ ਨੇ ਦਾਅਵਾ ਕੀਤਾ ਕਿ ਅਜਿਹਾ ਪਹਿਲੀ ਵਾਰ ਵੇਖਿਆ ਗਿਆ ਹੈ ਕਿ ਨਗਰ ਕੌਂਸਲ ਦੇ ਕੰਮ ਖੋਹ ਕੇ ਨਗਰ ਸੁਧਾਰ ਟਰੱਸਟ ਨੂੰ ਸੌਂਪੇ ਗਏ ਹੋਣ।
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਗਰ ਕੌਂਸਲ ਸੰਗਰੂਰ ਦੇ ਪ੍ਰਸ਼ਾਸਨਿਕ ਅਧਿਕਾਰੀ ਐਸਡੀਐਮ ਇੱਕ ਇਮਾਨਦਾਰ ਅਫ਼ਸਰ ਹਨ। ਉਨ੍ਹਾਂ ਕਿਹਾ ਕਿ ਜੇ ਸੰਗਰੂਰ ਨਗਰ ਕੌਂਸਲ ਦੇ ਕੋਲ ਯੋਗ ਸਟਾਫ ਹੈ ਤਾਂ ਉਨ੍ਹਾਂ ਕੋਲੋ ਕੰਮ ਕਿਉਂ ਨਹੀਂ ਕਰਵਾਇਆ ਜਾ ਰਿਹਾ। ਪ੍ਰਦਰਸ਼ਕਾਰੀਆਂ ਨੇ ਮੰਗ ਕੀਤੀ ਹੈ ਕਿ ਨਗਰ ਸੁਧਾਰ ਟਰੱਸਟ ਤੋਂ ਕੰਮ ਨਾ ਕਰਵਾ ਕੇ ਨਗਰ ਕੌਂਸਲ ਸੰਗਰੂਰ ਦੇ ਪਾਸੋਂ ਹੀ ਡਿਵੈਲਪਮੈਂਟ ਦੇ ਕੰਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜੇ ਸਾਡੇ ਕੈਬਿਨੇਟ ਮੰਤਰੀ ਨਗਰ ਕੌਂਸਲ ਦੇ ਕਰਮਚਾਰੀਆਂ, ਅਧਿਕਾਰੀਆਂ ਦੇ ਉਪਰ ਵਿਸ਼ਵਾਸ ਨਹੀਂ ਕਰਦੇ ਤਾਂ ਨਗਰ ਕੌਂਸਲ ਸੰਗਰੂਰ ਨੂੰ ਜਿੰਦਰਾ ਲਗਵਾ ਦੇਣ।
ਉਨ੍ਹਾਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਤੋਂ ਨਗਰ ਸੁਧਾਰ ਟਰੱਸਟ ਨੂੰ ਜੋ ਪੈਸੇ ਟਰਾਂਸਫਰ ਕੀਤੇ ਜਾ ਰਹੇ ਹਨ ਉਹ ਨਾ ਕੀਤੇ ਜਾਣ ਤੇ ਸਾਰਾ ਕੰਮ ਨਗਰ ਕੌਂਸਲ ਤੋਂ ਹੀ ਕਰਵਾਇਆ ਜਾਵੇ।