ਸੰਗਰੂਰ: ਪੰਜਾਬ ਸਰਕਾਰ ਨੇ ਸੰਗਰੂਰ ਸਮੇਤ ਸੂਬੇ ਅੰਦਰ 12 ਦੇ ਕਰੀਬ ਅਤਿ-ਆਧੁਨਿਕ ਲਾਇਬ੍ਰੇਰੀਆਂ (Opening of modern libraries) ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਸੰਗਰੂਰ ਵਿੱਚ ਖੁੱਦ ਸੀਐੱਮ ਮਾਨ ਆੁਨਿਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ।
ਉਤਪਾਦਨ ਇਕਾਈ: ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ।
ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਖਾਸ ਤੌਰ ‘ਤੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ।