ਧੂਰੀ,ਸੰਗਰੂਰ:ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉੱਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਇਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਵੈਨ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਵੈਨ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਦਾ ਸੰਚਾਲਨ ਸਿਹਤ ਵਿਭਾਗ ਦਾ ਸਟਾਫ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਇਲ ਵੈਨ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਹੈ ਜੋ ਲੋਕਾਂ ਨੂੰ ਘਰ-ਘਰ ਜਾ ਕੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਪੀ., ਈ.ਸੀ.ਜੀ., ਐਚ.ਆਈ.ਵੀ. ਤੇ ਹੋਰ ਟੈਸਟ ਇਸ ਮੋਬਾਈਲ ਵੈਨ ਵਿਚ ਸੌਖਿਆ ਹੀ ਹੋ ਜਾਇਆ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਜਾਂਚ ਤੇ ਇਲਾਜ ਦੀ ਸਹੂਲਤ ਵੀ ਮਿਲੇਗੀ।
ਚੰਗੀਆਂ ਸਿਹਤ ਸੇਵਾਵਾਂ: ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨਿਵੇਕਲਾ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬਹੁਤ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿਚ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਮੋਬਾਇਲ ਵੈਨਾਂ ਲੋਕਾਂ ਨੂੰ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ।