ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਨੇ ਲਹਿਰਾਗਾਗਾ ਨੇੜਲੇ ਪਿੰਡ ਡਸਕਾ ਵਿਖੇ ਕਿਸਾਨ ਵਿਰੋਧੀ ਬਿੱਲਾਂ ਦੇ ਕਾਨੂੰਨ ਬਣ ਜਾਣ ਦੇ ਵਿਰੋਧ ਵਿੱਚ ਪਿੰਡਾਂ ਵਿੱਚ ਰੋਸ ਮਾਰਚ ਕਰਨ ਉਪਰੰਤ ਮੋਦੀ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਸਮੇਂ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਭਾਜਪਾ ਦੀ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਇਹ ਕਾਲਾ ਕਾਨੂੰਨ ਧੱਕੇ ਨਾਲ ਪਾਸ ਕੀਤਾ ਹੈ। ਇਨ੍ਹਾਂ ਬਿੱਲਾਂ ਦੇ ਕਾਨੂੰਨ ਬਣਨ ਕਾਰਨ ਖੇਤੀ ਦਾ ਸਾਰਾ ਢਾਂਚਾ ਤਬਾਹ ਹੋ ਕੇ ਰਹਿ ਜਾਵੇਗਾ।
ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਨਹੀਂ ਹੋਣ ਦੇਣਗੇ। ਇਸ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ।