ਸੰਗਰੂਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਸੀਐਮ ਚਿਹਰਾ ਐਲਾਨਿਆ ਗਿਆ ਹੈ। ਕੇਜਰੀਵਾਲ ਦੇ ਐਲਾਨ ਤੋਂ ਬਾਅਦ ਆਪ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸਦੇ ਨਾਲ ਹੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਵਿਆਹ ਵਰਗਾ ਮਾਹੌਲ ਦਿਖਾਈ ਦਿੱਤਾ। ਇਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਭਗਵੰਤ ਮਾਨ ਦੇ ਪਿੰਡ ਉਨ੍ਹਾਂ ਦੇ ਘਰ ਪਹੁੰਚੀ । ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਘਰ ਵਿੱਚ ਇਕੱਠੇ ਹੋਏ ਵਿਖਾਈ ਦਿੱਤੇ ਅਤੇ ਇਸ ਦੌਰਾਨ ਆਪ ਵਰਕਰਾਂ ਤੇ ਆਮ ਲੋਕਾਂ ਵੱਲੋਂ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇ ਲਗਾਏ। ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਕਾ ਕਾਫੀ ਪੱਛੜਿਆ ਇਲਾਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸੀਐਮ ਬਣੇਗਾ ਤੇ ਪੰਜਾਬ ਅਤੇ ਉਨ੍ਹਾਂ ਦੇ ਇਲਾਕੇ ਦਾ ਵਿਕਾਸ ਕਰੇਗਾ।