ਸਤੌਜ/ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅੱਜ 50ਵਾਂ ਜਨਮਦਿਨ ਮਨਾਇਆ ਹੈ। ਉਨ੍ਹਾਂ ਜਨਮਦਿਨ ਪੰਜਾਬ ਭਰ ਵਿੱਚ ਆਪ ਵਿਧਾਇਕਾਂ ਤੇ ਵਰਕਰਾਂ ਵਲੋਂ ਕੇਕ ਕੱਟ ਕੇ ਅਤੇ ਖੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਇਸ ਖਾਸ ਦਿਨ ਨੂੰ ਭਗਵੰਤ ਮਾਨ ਨੇ ਆਪਣੇ ਜ਼ੱਦੀ ਪਿੰਡ ਸਤੌਜ ਵਿਖੇ ਬਤੀਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ।
ਖੂਨ ਦਾਨੀ ਇਕ ਨਾਇਕ ਤੋਂ ਘੱਟ ਨਹੀਂ:ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ।
ਆਗਾਮੀ ਇਜਲਾਸ ਕਾਨੂੰਨੀ ਤੌਰ 'ਤੇ ਜਾਇਜ਼:ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ, ਨਾ ਕਿ ਕਿਸੇ ਵਿਅਕਤੀ ਦੀ ਮਨ-ਮਰਜ਼ੀ ਅਨੁਸਾਰ ਚੱਲਣੀ ਹੈ।
ਪਰਾਲੀ ਨੂੰ ਅੱਗ ਲਗਾਉਣ ਨੂੰ ਲੈ ਕੇ ਹੱਲ :ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਠਾਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।