ਸੰਗਰੂਰ: ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਦੇਸ਼ ਭਰ ਦੇ ਵਿੱਚ ਲੌਕਡਾਊਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਭ ਤੋਂ ਪਹਿਲਾਂ ਕਰਫਿਊ ਲਗਾ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੀ ਜ਼ਰੂਰਤ ਦਾ ਸਮਾਨ ਪਹੁੰਚਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸੀ।
ਸੰਗਰੂਰ ਦੇ ਪਿੰਡਾਂ 'ਚ ਨਹੀਂ ਮਿਲ ਰਹੀਆਂ ਪ੍ਰਸ਼ਾਸਨ ਵੱਲੋਂ ਸਹੂਲਤਾਂ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਚੱਲਦਿਆਂ ਕਈ ਗ਼ਰੀਬ ਲੋਕਾਂ ਦੇ ਘਰਾਂ ਵਿੱਚ ਚੁੱਲ੍ਹੇ ਨਹੀਂ ਬਲ ਰਹੇ, ਜਿਸ ਨੂੰ ਲੈ ਕੇ ਗਰੀਬ ਲੋਕਾਂ ਨੇ ਪ੍ਰਸ਼ਾਸਨ ਤੋਂ ਮਦਦ ਲਈ ਗੁਹਾਰ ਲਗਾਈ ਹੈ।
ਉੱਥੇ ਹੀ ਜੇ ਗੱਲ ਕਰੀਏ ਜ਼ਿਲ੍ਹਾ ਸੰਗਰੂਰ ਦੀ ਤਾਂ ਸ਼ਹਿਰ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੀ ਸਬਜ਼ੀ, ਰਾਸ਼ਨ, ਦਵਾਈਆਂ ਅਤੇ ਦੁੱਧ ਪਹੁੰਚਾਉਣ ਦੇ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਪਰ ਹਾਲੇ ਵੀ ਕੁਝ ਲੋਕ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਹਨ।
ਸੰਗਰੂਰ ਦੇ ਨੇੜਲੇ ਪਿੰਡਾਂ ਵਿੱਚ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਮਾਨ ਨਹੀਂ ਭੇਜਿਆ ਜਾ ਰਿਹਾ। ਪਿੰਡ ਦੇ ਲੋਕ ਪ੍ਰਸ਼ਾਸਨ ਦੀ ਇਸ ਢਿੱਲ ਤੋਂ ਨਾਖੁਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਸ਼ਾਮ ਮਜ਼ਦੂਰੀ ਕਰਕੇ ਆਪਣੇ ਘਰ ਦਾ ਚੁੱਲ੍ਹਾ ਬਾਲਦੇ ਸਨ ਪਰ ਹੁਣ ਨਾ ਤਾਂ ਉਨ੍ਹਾਂ ਕੋਲ ਪੈਸੇ ਹਨ ਅਤੇ ਨਾ ਹੀ ਉਨ੍ਹਾਂ ਦੇ ਘਰਾਂ ਵਿੱਚ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਮਿਲ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਉਨ੍ਹਾਂ ਵੱਲ ਧਿਆਨ ਦੇਵੇ ਤੇ ਉਨ੍ਹਾਂ ਦੀ ਮਦਦ ਕਰੇ।