ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਤਹਿਤ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ। ਇਹ ਕਦਮ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਕਾਰਵਾਈ ਤਹਿਤ ਕੱਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਸੀ।
ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ:ਮੁਹਿੰਮ ਦੇ ਚੌਥੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ ਅਤੇ ਬਰਨਾਲਾ ਵਿੱਚ ਚਲਾਈ ਗਈ। ਇਹ ਸਾਰੀ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।