ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਅੱਜ ਨਵੇ ਸਾਲ ਵਾਲੇ ਦਿਨ ਸੰਗਰੂਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਹ ਬਾਦਲ ਪਰਿਵਾਰ ਅਤੇ ਢੀਂਡਸਾ ਪਰਿਵਾਰ ਉਤੇ ਵਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਖਾਤਰ ਸੰਗਰੂਰ ਦੇ ਮੈਡੀਕਲ ਕਾਲਜ ਦੇ ਕੰਮ ਵਿਚ ਅੜਿੱਕਾ ਡਾਹਿਆ ਹੋਇਆ ਹੈ।
'ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਹੋਇਆ ਬੇਨਕਾਬ':ਇਸ ਤੋਂ ਅੱਗੇ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਇਨ੍ਹਾਂ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਕਿਉਂਕਿ ਇਹ ਪਰਿਵਾਰ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਇੱਥੇ ਬਣਨ ਵਾਲੇ ਮੈਡੀਕਲ ਕਾਲਜ ਨਾਲ ਬਿਹਤਰ ਇਲਾਜ ਅਤੇ ਸਿੱਖਿਆ ਮੁਹੱਈਆ ਹੋਵੇ ਜਿਸ ਕਰਕੇ ਇਲਾਕੇ ਲਈ ਇਸ ਵੱਕਾਰੀ ਪ੍ਰਾਜੈਕਟ ਦੇ ਰਾਹ ਵਿਚ ਅੜਿੱਕੇ ਡਾਹੁਣ ਲਈ ਮਿਲੀਭੁਗਤ ਨਾਲ ਸਾਜ਼ਿਸ਼ਾਂ ਰਚੀਆਂ ਗਈਆਂ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਨੇੜੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਜੀ ਦੀ ਯਾਦ ਵਿਚ ਉਚ ਦਰਜੇ ਦਾ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ। ਜਿਸ ਲਈ 407 ਕਰੋੜ ਰੁਪਏ ਦੇ ਫੰਡ ਰੱਖੇ ਗਏ ਸਨ। ਸੀਐਮ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਲਈ ਸੂਬਾ ਸਰਕਾਰ ਨੇ 407 ਕਰੋੜ ਰੁਪਏ ਵਿੱਚੋਂ ਬਹੁਤ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ।
'ਇਸ ਮੈਡੀਕਲ ਕਾਲਜ ਦਾ ਪਹਿਲਾ ਅਕਾਦਮਿਕ ਸੈਸ਼ਨ ਇਸ ਸਾਲ ਮਾਰਚ ਮਹੀਨੇ ਤੋਂ ਹੋਣਾ ਸੀ ਸ਼ੁਰੂ':ਇਸ ਤੋਂ ਅੱਗੇ ਮਾਨ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਪਹਿਲਾ ਅਕਾਦਮਿਕ ਸੈਸ਼ਨ ਇਸ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਣਾ ਸੀ। ਜਿਸ ਨਾਲ ਸਮੁੱਚੇ ਮਾਲਵਾ ਖਿੱਤੇ ਨੂੰ ਬਿਹਤਰ ਮੈਡੀਕਲ ਸਹੂਲਤਾਂ ਹਾਸਲ ਹੋਣੀਆਂ ਸਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਉਚੇਰੀ ਮੈਡੀਕਲ ਸਿੱਖਿਆ ਦੇ ਬਿਹਤਰ ਮੌਕੇ ਇੱਥੇ ਹੀ ਮਿਲਣੇ ਸ਼ੁਰੂ ਹੋਣੇ ਸਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਮੈਡੀਕਲ ਸਿੱਖਿਆ ਲਈ ਮਜਬੂਰੀਵੱਸ ਯੂਕਰੇਨ ਤੇ ਹੋਰ ਵਿਦੇਸ਼ੀ ਮੁਲਕਾਂ ਵਿਚ ਨਾ ਜਾਣਾ ਪੈਂਦਾ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਮੈਡੀਕਲ ਕਾਲਜ ਨੇ ਜਿੱਥੇ ਇਲਾਕੇ ਦੇ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਸਨ, ਉਥੇ ਹੀ ਮਾਲਵਾ ਪੱਟੀ ਦੀ ਵਿਕਾਸ ਵਿਚ ਵੱਡਾ ਯੋਗਦਾਨ ਪਾਉਣਾ ਸੀ।
'ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਪੂਰੀ ਵਾਹ ਲਾਈ ਹੋਈ ਹੈ ਕਿ ਕਿਸੇ ਵੀ ਤਰ੍ਹਾਂ ਇਹ ਪ੍ਰਾਜੈਕਟ ਸ਼ੁਰੂ ਨਾ ਹੋਵੇ':ਉਨ੍ਹਾਂ ਦੁੱਖ ਨਾਲ ਕਿਹਾ ਕਿ ਇਸ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਆਪਸ ਵਿਚ ਸੁਰ ਨਾਲ ਸੁਰ ਮਿਲਾਉਂਦੇ ਹੋਏ ਆਪਣੇ ਸਿਆਸੀ ਵਖਰੇਵਿਆਂ ਨੂੰ ਵੀ ਲਾਂਭੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰਸੂਖਦਾਰ ਪਰਿਵਾਰਾਂ ਨੇ ਪੂਰੀ ਵਾਹ ਲਾਈ ਹੋਈ ਹੈ ਕਿ ਕਿਸੇ ਵੀ ਤਰ੍ਹਾਂ ਇਹ ਪ੍ਰਾਜੈਕਟ ਸ਼ੁਰੂ ਨਾ ਹੋਵੇ ਅਤੇ ਇੱਥੋਂ ਤੱਕ ਕਿ ਕਾਨੂੰਨੀ ਤੌਰ ਉਤੇ ਰੁਕਾਵਟਾਂ ਪੈਦਾ ਕੀਤੀਆਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਇਸ ਪ੍ਰਾਜੈਕਟ ਨੂੰ ਸਥਾਪਤ ਨਾ ਹੋਣ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਦੁਰਵਰਤੋਂ ਕੀਤੀ ਤਾਂ ਕਿ ਆਮ ਲੋਕਾਂ ਨੂੰ ਕੋਈ ਰਾਹਤ ਨਾ ਮਿਲ ਸਕੇ।
'ਬਾਦਲ ਪਰਿਵਾਰ ਦੇ ਹੱਥਾਂ ਵਿਚ ਕਠਪੁਤਲੀ ਵਾਲੀ ਭੂਮਿਕਾ ਨਿਭਾਅ ਰਹੀ ਹੈ ਸ਼੍ਰੋਮਣੀ ਕਮੇਟੀ':ਉਨ੍ਹਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਹੱਥਾਂ ਵਿਚ ਕਠਪੁਤਲੀ ਵਾਲੀ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਸੰਸਥਾ ਨੂੰ ਬਾਦਲਾਂ ਵੱਲੋਂ ਆਪਣੇ ਸਿਆਸੀ ਮਨਸੂਬੇ ਪੂਰੇ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੋਕਣ ਲਈ ਬਾਦਲ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰ ਰਹੇ ਹਨ ਜਦਕਿ ਇਸ ਪ੍ਰਾਜੈਕਟ ਨੇ ਇਲਾਕੇ ਦੇ ਲੋਕਾਂ ਦੀ ਤਕਦੀਰ ਬਦਲ ਦੇਣੀ ਸੀ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਅਕਾਲੀ ਉਨ੍ਹਾਂ ਕੋਲ ਆਉਣ ਤਾਂ ਅਕਾਲੀਆਂ ਪਾਸੋਂ ਇਸ ਪ੍ਰਾਜੈਕਟ ਨੂੰ ਰੋਕਣ ਪਿੱਛੇ ਦੇ ਮਕਸਦ ਬਾਰੇ ਸੁਆਲ ਜ਼ਰੂਰ ਕਰਨ।