ਸੰਗਰੂਰ: ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਿਰੁੱਧ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਿਛਲੇ 2 ਹਫ਼ਤਿਆਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦਰਅਸਲ, ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਨੌਕਰੀ ਵਿੱਚ ਭਰਤੀ ਕੀਤਾ ਜਾਵੇ। ਇਸ ਦੇ ਨਾਲ ਹੀ, ਬੀ.ਐਡ ਬੇਰੁਜ਼ਗਾਰ ਅਧਿਆਪਕ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਲਗਭਗ 2 ਹਫ਼ਤਿਆਂ ਤੋਂ ਲਗਾਤਾਰ ਇਨ੍ਹਾਂ ਅਧਿਆਪਕਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦਾ ਖਾਮਿਆਜ਼ਾ ਸੰਗਰੂਰ ਦੀ ਆਮ ਜਨਤਾ ਨੂੰ ਹੀ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੂੰ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕਾਂ ਵੱਲੋਂ ਹਰ ਦੂਜੇ ਦਿਨ ਹੀ ਦਿੱਲੀ-ਲੁਧਿਆਣਾ ਸੁਨਾਮ ਰੋਡ ਉੱਤੇ ਜਾਮ ਲਗਾਇਆ ਜਾਂਦਾ ਹੈ ਜਿਸ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ।
ਜਦੋਂ ਆਮ ਜਨਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜੋ ਧਰਨਾ ਲਗਾਇਆ ਜਾ ਰਿਹਾ ਹੈ, ਉਹ ਆਪਣੇ ਹੱਕਾਂ ਅਤੇ ਆਪਣੀ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ ਜੋ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਹ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਇਸ ਦੇ ਨਾਲ ਆਮ ਜਨਜੀਵਨ ਨੂੰ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਨੇ ਜਦੋਂ ਵੀ ਸੰਗਰੂਰ ਤੋਂ ਬਾਹਰ ਜਾਣਾ ਹੁੰਦਾ ਹੈ ਤਾਂ ਹਰ ਪਾਸੇ ਧਰਨਾ ਲੱਗਾ ਹੁੰਦਾ ਹੈ ਜਿਸ ਕਰਕੇ ਉਨ੍ਹਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ।