ਸੰਗਰੂਰ: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਐਤਵਾਰ ਨੂੰ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਪਹੁੰਚੇ ਪਰ ਇਥੇ ਉਨ੍ਹਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ।
ਸਿੰਗਲਾ ਦੀ ਕੋਠੀ ਘੇਰਨ ਆਏ ਅਧਿਆਪਕਾਂ 'ਤੇ ਪੁਲਿਸ ਨੇ ਵਰ੍ਹਾਈ ਡਾਂਗ - ਅਧਿਆਪਕਾਂ ਤੇ ਲਾਠੀਚਾਰਜ
ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ। ਪੁਲਿਸ ਨੇ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ।
ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਨੇ ਸਰਕਾਰ ਤੋਂ ਨੌਕਰੀ ਦੀ ਮੰਗ ਕੀਤੀ ਹੈ। ਅੱਜ ਉਨ੍ਹਾਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਜਦੋਂ ਅਧਿਆਪਕ ਘਿਰਾਓ ਕਰਨ ਪਹੁੰਚੇ ਤਾਂ ਅੱਗੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਸੀ। ਅਧਿਆਪਕਾਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਕਾਫੀ ਹੱਥੋਪਾਈ ਹੋਈ। ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਦੀਆਂ ਡਾਂਗਾਂ ਨਾਲ ਕਈ ਅਧਿਆਪਕ ਜ਼ਖ਼ਮੀ ਹੋਏ ਹਨ। ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ।
ਅਧਿਆਪਕਾਂ ਦਾ ਕਹਿਣਾ ਹੈ ਕਿ ਪੁਲਿਸ ਦੇ ਇਸ ਤਸ਼ੱਦਦ ਨਾਲ8 ਤੋਂ 9 ਅਧਿਆਪਕ ਗੰਭੀਰ ਜ਼ਖ਼ਮੀ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਜਾਨਵਰਾਂ ਵਾਂਗ ਕੁੱਟਿਆ ਗਿਆ। ਉਹ ਆਪਣਾ ਹੱਕ ਲੈਣ ਆਏ ਹਨ ਪਰ ਮੰਤਰੀ ਉਨ੍ਹਾਂ ਨੂੰ ਮਿਲਣ ਦੀ ਥਾਂ ਉਨ੍ਹਾਂ ਨੂੰ ਡਾਂਗਾਂ ਨਾਲ ਕੁਟਵਾ ਰਹੇ ਹਨ। ਇਸ ਮੌਕੇ ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਿਆਰ ਨਾਲ ਹੀ ਸਮਝਾਇਆ ਹੈ। ਕੋਈ ਲਾਠੀਚਾਰਜ ਨਹੀਂ ਕੀਤਾ।