ਧੂਰੀ: ਪਿੰਡ ਘਨੌਰ ਕਲਾਂ ਵਿੱਚ ਆਜ਼ਾਦੀ ਘੁਲਾਟੀਏ ਪਰਿਵਾਰ ਨਾਲ ਸਬੰਧਤ ਦੋ ਨੌਜਵਾਨ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕਰ ਰਹੇ ਨੇ। ਉਨ੍ਹਾਂ ਦੇ ਦਾਦਾ ਜੀ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਸਨ, ਪਰ ਅੱਜ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਦੇ ਪਰਿਵਾਰ ਦੀ ਹਾਲਤ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਇਲਾਜ ਦੇ ਚੱਲਦਿਆਂ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਕੋਲ ਇਲਾਜ ਲਈ ਪੈਸੇ ਵੀ ਨਹੀਂ ਹਨ, ਉਹ ਵਿੱਤੀ ਪੱਖ ਤੋਂ ਕਮਜ਼ੋਰ ਹਨ।
ਜਾਣਕਾਰੀ ਮੁਤਾਬਕ ਇਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਦੋਨਾਂ ਭਰਾਵਾਂ ਲਈ ਪੱਕੀ ਸਰਕਾਰੀ ਨੌਕਰੀ, ਮਾਲੀ ਮਦਦ ਅਤੇ ਘਰ ਬਣਾਉਣ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ। ਇਨ੍ਹਾਂ ਸਰਕਾਰ ਉੱਪਰ ਦੋਸ਼ ਲਾਉਂਦੇ ਹੋਏ ਕਿਹਾ ਕਿ ਹੁਣ ਤੱਕ ਸਰਕਾਰ ਉਨ੍ਹਾਂ ਨੂੰ ਸਿਰਫ ਆਜ਼ਾਦੀ ਦਿਹਾੜੇ ਅਤੇ ਹੋਰ ਸਮਾਗਮਾਂ ਉੱਪਰ ਬੁਲਾਕੇ ਮਿਠਾਈ ਦੇ ਡੱਬੇ ਅਤੇ ਸਨਮਾਨ ਚਿੰਨ ਆਦਿ ਦੇ ਕੇ ਸਾਰ ਦਿੰਦੀ ਹੈ ਤੇ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ ਤੇ ਨਾ ਹੀ ਹੁਣ ਤੱਕ ਉਨ੍ਹਾਂ ਨੂੰ ਕੋਈ ਸਰਕਾਰੀ ਨੌਕਰੀ ਤੇ ਨਾ ਹੀ ਕੋਈ ਮਾਲੀ ਮਦਦ ਦਿੱਤੀ ਗਈ ਹੈ। ਜਿਸ ਕਰਕੇ ਮਜਬੂਰਨ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।