ਸੁਨਾਮ: ਸੁਨਾਮ ਦੇ ਰੇਲਵੇ ਸਟੇਸ਼ਨ 'ਤੇ ਸਾਇਕਲ ਸਟੈਂਡ ਦੇ ਠੇਕੇਦਾਰ ਨੌਜਵਾਨ ਦਾ ਇੱਕ ਅਣਪਛਾਤੇ ਵਿਅਕਤੀ ਵਲੋਂ ਮਾਮੂਲੀ ਤਕਰਾਰ ਤੋਂ ਬਾਅਦ ਗਲਾ ਕੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁੱਸੇ ਵਿੱਚ ਆਏ ਮ੍ਰਿਤਕ ਦੇ ਰਿਸ਼ਤੇਦਾਰਾਂ ਵਲੋਂ ਦੋਸ਼ੀ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਲਾਸ਼ ਨੂੰ ਸੜਕ 'ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਸੁਨਾਮ 'ਚ ਗਲਾ ਕੱਟ ਕੇ ਠੇਕੇਦਾਰ ਨੋਜਵਾਨ ਦਾ ਕੀਤਾ ਕਤਲ ਅਪਰਾਧ ਦੀਆਂ ਘਟਨਾ ਇਸ ਕਦਰ ਵੱਧ ਗਈਆਂ ਹਨ ਕਿ ਅੱਜ ਕੱਲ ਮਾਮੂਲੀ ਤਕਰਾਰ ਮਗਰੋਂ ਕਤਲ ਕਰਨ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਕੁਝ ਇਸੇ ਤਰ੍ਹਾਂ ਦਾ ਹੀ ਮਾਮਲਾ ਸੁਨਾਮ ਤੋਂ ਸਾਹਮਣੇ ਆਇਆ ਹੈ ਕਿ ਜਿਥੇ ਰੇਲਵੇ ਸਟੇਸ਼ਨ ਦੇ ਸਾਇਕਲ ਸਟੈਂਡ ਦੇ ਨੌਜਵਾਨ ਠੇਕੇਦਾਰ ਵਿਸ਼ਾਲ ਕੁਮਾਰ ਦੀ ਇੱਕ ਅਣਪਛਾਤੇ ਵਿਅਕਤੀ ਵਲੋਂ ਮਾਮੂਲੀ ਤਕਰਾਰ ਦੇ ਮਗਰੋਂ ਗਲਾ ਕੱਟ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ 'ਚ ਰੋਸ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਨੇ ਪਹਿਲਾ ਰੇਲਵੇ ਸਟੇਸ਼ਨ ਦੇ ਬਾਹਰ ਸੜਕ ਉੱਪਰ ਲਾਸ਼ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ।
ਪ੍ਰਸ਼ਾਸ਼ਨ ਵਲੋਂ ਕੋਈ ਇਨਸਾਫ ਨਾ ਮਿਲਦਾ ਵੇਖ ਰੋਹ ਵਿੱਚ ਆਏ ਲੋਕਾਂ ਨੇ ਮ੍ਰਿਤਕ ਵਿਸ਼ਾਲ ਦੀ ਲਾਸ਼ ਨੂੰ ਰੇਲਵੇ ਲਾਇਨ 'ਤੇ ਰੱਖ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਗੁੰਡਾਗਰਦੀ ਤੇ ਮਾੜੇ ਅਨਸਰਾਂ ਦਾ ਇਸ ਕਰਦਰ ਬੋਲ ਬਾਲਾ ਹੈ ਕਿ ਲੋਕ ਆਪਣੇ ਕਿੱਤੇ ਵਾਲੀ ਥਾਂ ਤੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ।
ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਜਾਂਚ ਅਰੰਭ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗ। ਇਸ ਸਾਰੀ ਘਟਨਾ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋਈਆਂ ਦੱਸੀਆਂ ਜਾ ਰਹੀਆਂ ਹਨ। ਰੇਲਵੇ ਲਾਇਨ 'ਤੇ ਧਰਨੇ ਕਾਰਨ ਲੁਧਿਆਣਾ ਹਿਸਾਰ ਰੇਲ ਮਾਰਗ 'ਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ।