ਚੰਡੀਗੜ੍ਹ/ਖਟਕੜ੍ਹ ਕਲਾਂ :ਅੱਜ ਦੇਸ਼ ਭਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿੱਚ ਜਾ ਕੇ ਸ਼ਰਧਾਂਜਲੀ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲਿਦਾਨ ਬਾਰੇ ਯਾਦ ਕਰਵਾਉਂਦਾ ਹੈ।
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਾਂਗੇ:ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਅਜਾਇਬ ਘਰ 'ਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਦੀ ਤਿਆਰੀ:ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ, ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ।
ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਦਿੱਤੀ ਸ਼ਹੀਦੀ: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ।
ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਹੋਇਆ: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ।