ਸ਼੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪੇਂਡੂ ਖੇਤਰਾਂ 'ਚ ਹਰ ਰੋਜ਼ ਵਧ ਰਹੀਆਂ ਚੋਰੀਆਂ ਤੇ ਲੁੱਟਾਂਖੋਹਾਂ ਦੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜਾਰੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਥਾਣਾ ਕੋਟਭਾਈ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ 'ਤੇ ਚੋਰਾਂ ਨਾਲ ਮਿਲੇ ਹੋਣ ਦੇ ਕਥਿਤ ਦੋਸ਼ ਲਗਾਏ ਹਨ।
ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਬੀ.ਕੇ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਆਸਾ ਬੁੱਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਦਿਨ ਪਹਿਲਾਂ ਪਿੰਡ ਭੁੱਟੀਵਾਲਾ ਦੇ ਜਵੰਧ ਸਿੰਘ ਦੇ ਘਰੋਂ ਚੋਰਾਂ ਨੇ 15 ਤੋਲਾ ਸੋਨਾ ਅਤੇ 42 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਏ ਸਨ ਪਰ ਪੁਲਿਸ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿਚੋਂ ਰੋਜ਼ਾਨਾ ਬਿਜਲੀ ਦੇ ਟਰਾਂਸਫਾਰਮਰ ਅਤੇ ਮੋਟਰਾਂ ਚੋਰੀ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੂੰ ਚੋਰਾਂ ਬਾਰੇ ਪਤਾ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨਾ ਪੁਲਿਸ ਦੀ ਕਾਰਗੁਜਾਰੀ 'ਤੇ ਸਵਾਲੀਆਂ ਨਿਸ਼ਾਨ ਲਗਾ ਰਹੀ ਹੈ।