ਮੁਕਤਸਰ: ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਤਲੁਜ ਅਤੇ ਬਿਆਸ ਦਰਿਆਵਾਂ ਸਮੇਤ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਮੋਗਾ 'ਚ ਪੈਂਦੀਆਂ ਡਰੇਨਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੀਂਹ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਸਾਰੇ ਢੁਕਵੇਂ ਕਦਮ ਚੁੱਕੇ ਜਾਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਕੈਬਨਿਟ ਮੰਤਰੀ ਸਰਕਾਰੀਆ ਦੇ ਦੌਰੇ ਤੋਂ ਖਫ਼ਾ ਪਿੰਡ ਵਾਲੇ
ਕੈਬਨਿਟ ਮੰਤਰੀ ਸਰਕਾਰੀਆ ਵੱਲੋਂ ਅੱਜ ਮੀਂਹ ਨਾਲ ਪ੍ਰਭਾਵਿਤ ਡਰੇਨਾਂ ਦਾ ਦੌਰਾ ਕੀਤਾ ਗਿਆ। ਹਾਲਾਂਕਿ, ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਤੋਂ ਬਾਅਦ ਫ਼ਸਲਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।
ਦੂਜੇ ਪਾਸੇ ਪਿੰਡ ਦੇ ਲੋਕਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਰਸਾਤ ਨੂੰ 4 ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਪਿੰਡ ਚੋਂ ਹੁਣ ਤੱਕ ਵੀ ਬਰਸਾਤ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਪਾਈ ਹੈ | ਉਨ੍ਹਾਂ ਕਿਹਾ ਕਿ 10 ਦੇ ਕਰੀਬ ਪਿੰਡਾਂ ਦਾ ਬਰਸਾਤੀ ਪਾਣੀ ਆ ਕੇ ਇੱਕਠਾ ਹੋ ਜਾਂਦਾ ਹੈ ਪਰ ਨਾ ਤਾਂ ਇਸ ਦੀ ਨਿਕਾਸੀ ਦਾ ਕੋਈ ਹੱਲ ਹੁੰਦਾ ਹੈ ਤੇ ਨਾ ਹੀ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਦਿੰਦਾ ਹੈ।