ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਪੰਜਾਬ 'ਚ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੇਕੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ 'ਚ ਵੀ ਵੱਖ-ਵੱਖ ਜਥੇਬੰਦੀਆਂ ਦੇ ਠੇਕਾ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵਲੋਂ ਕੈਬਨਿਟ ਮੰਤਰੀ ਦੀ ਕੋਠੀ ਦੇ ਬਾਹਰ ਸਖ਼ਤ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡਿੰਗ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਠੇਕਾ ਮੁਲਾਜ਼ਮਾਂ ਦਾ ਕਹਿਣਾ ਕਿ ਪੰਜਾਬ ਕਾਂਗਰਸ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਠੇਕਾ ਮੁਾਲਜ਼ਮਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਜੋ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਮੰਗ ਰੱਖੀ ਕਿ ਕਾਂਗਰਸ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਅਤੇ ਉਸ ਨੂੰ ਜਲਦ ਹੱਲ ਕਰੇ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਸੱਦੇ 'ਤੇ ਪੰਜਾਬ ਭਰ 'ਚ ਚਾਰ ਥਾਵਾਂ 'ਤੇ ਉਨ੍ਹਾਂ ਵਲੋਂ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਜਿਸ 'ਚ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਓ.ਪੀ ਸੋਨੀ ਸਮੇਤ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਜਾ ਵੜਿੰਗ ਸ਼ਾਮਲ ਹਨ।