ਸ੍ਰੀ ਮੁਕਤਸਰ ਸਾਹਿਬ : ਸ਼ਹਿਰ 'ਚ ਗਿੱਦੜਬਾਹਾ ਦੇ ਪਿੰਡ ਬੁੱਟਰ ਨੇੜੇ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਇਹ ਚਾਰੇ ਨੌਜਵਾਨ ਅਬੋਹਰ ਦੇ ਇੱਕ ਪੈਲੇਸ 'ਚ ਬੈਟਰੀ ਦਾ ਕੰਮ ਕਰਕੇ ਦੇਰ ਰਾਤ ਆਪਣੇ ਘਰ ਵਾਪਿਸ ਜਾ ਰਹੇ ਸਨ। ਪਿੰਡ ਬੁੱਟਰ ਨੇੜੇ ਪਹੁੰਚਣ 'ਤੇ ਮੁਕਤਸਰ ਤੋਂ ਬਠਿੰਡਾ ਵੱਲ ਨੂੰ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਨ੍ਹਾਂ ਚੋਂ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ :ਕਰਨਾਲ: ਬੋਰਵੈੱਲ 'ਚ ਡਿੱਗੀ 5 ਸਾਲਾ ਸ਼ਿਵਾਨੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨਿਆ
ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਦੀ ਉਮਰ ਤਕਰੀਬਨ 20 ਤੋਂ 21 ਸਾਲ ਸੀ। ਮ੍ਰਿਤਕਾਂ ਦੀ ਪਛਾਣ ਜਸਵਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ ਜਦਕਿ ਨਵਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਾਇਆ ਗਿਆ।
ਇਸ ਬਾਰੇ ਦੱਸਦੇ ਹੋਏ ਏਐਸਆਈ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ ਉੱਤੇ ਟੀਮ ਨਾਲ ਪਹੁੰਚੇ। ਪੁਲਿਸ ਵੱਲੋਂ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਅਣਪਛਾਤੇ ਕਾਰ ਚਾਲਕ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।