ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਪਿਛਲੇ ਸਾਲ ਹਰਿਆਵਲ ਲਈ ਬੂਟੇ ਲਾਉਣ ਦੀ ਮੁਹਿੰਮ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕੀਤੀ ਸੀ ਜਿਸ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਬੂਟੇ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਤਰਨਤਾਰਨ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਬੂਟੇ ਲਾਉਣ ਸਬੰਧੀ ਹੋਏ ਫ਼ੈਸਲੇ ਅਨੁਸਾਰ ਤਰਨਤਾਰਨ ਵਿਖੇ ਅੰਬ, ਚੰਦਨ ਸਮੇਤ ਹੋਰ ਕਿਸਮਾਂ ਦੇ 125 ਬੂਟੇ ਲਾਏ ਗਏ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ 100 ਬੂਟੇ ਲਾਏ ਜਾਣਗੇ।
ਉਨ੍ਹਾਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਬੂਟੇ ਲਾਉਣ ਦਾ ਮਕਸਦ ਹਰਿਆਵਲ ਤੋਂ ਇਲਾਵਾ ਵਾਤਾਵਰਨ ਨੂੰ ਸ਼ੁੱਧ ਅਤੇ ਸੁਗੰਧੀ ਭਰਪੂਰ ਬਣਾਉਣਾ ਹੈ| ਉਨ੍ਹਾਂ ਕਿਹਾ ਕਿ ਇਥੋਂ ਦੀ ਮਿੱਟੀ ਅਨੁਸਾਰ ਵਧੀਆ ਕਿਸਮਾਂ ਦੇ ਬੂਟੇ ਲਾਏ ਜਾਣਗੇ | ਜਿਸ ਦੀ ਜਿੰਮੇਵਾਰੀ ਉੱਘੇ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਹੈ |