ਸ੍ਰੀ ਮੁਕਤਸਰ ਸਾਹਿਬ: ਮੌੜ ਰੋਡ ਸਥਿਤ ਸੁੰਦਰ ਨਗਰ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਇਲਾਕੇ ਦੀਆਂ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਭਰਿਆ ਹੋਇਆ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਇਲਾਕੇ ਦੇ ਲੋਕ ਸੀਵਰੇਜ ਦੇ ਪਾਣੀ ਨਾਲ ਭਰੀਆਂ ਗਲੀਆਂ ਵਿੱਚ ਰਹਿਣ ਨੂੰ ਮਜਬੂਰ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ, ਜਿਸ ਕਾਰਨ ਸੀਵਰੇਜ ਦੇ ਪਾਣੀ ਦਾ ਕੋਈ ਹੱਲ ਨਹੀਂ ਹੋ ਰਿਹਾ।
3 ਮਹੀਨਿਆਂ ਤੋਂ ਸੀਵਰੇਜ ਦੇ ਪਾਣੀ ਨੇ ਇਲਾਕੇ ਨੂੰ ਬਣਾਇਆ ਹੋਇਆ ਹੈ 'ਛੱਪੜ' ਇਸ ਮੌਕੇ ਇਲਾਕੇ ਦੀਆਂ ਔਰਤਾਂ ਨੇ ਇਹ ਵੀ ਦੱਸਿਆ ਕਿ ਪਿਛਲੇ 3 ਮਹੀਨਿਆਂ ਤੋਂ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਜੂਝ ਰਹੇ ਹਨ ਅਤੇ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਕਈ ਵਾਰ ਉਨ੍ਹਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਸੰਸਦ ’ਚ ਉਠਾਇਆ ਪੰਜਾਬੀ ਭਾਸ਼ਾ ਦਾ ਮੁੱਦਾ, ਜੰਮੂ-ਕਸ਼ਮੀਰ 'ਚ ਪੰਜਾਬੀ ਲਾਗੂ ਕਰਨ ਦੀ ਕੀਤੀ ਅਪੀਲ
ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਲਈ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂ ਜਗਦੀਪ ਸੰਧੂ ਪਹੁੰਚੇ ਅਤੇ ਉਨ੍ਹਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਹੀ ਇਸ ਦਾ ਹੱਲ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਹੱਲ ਨਹੀਂ ਹੁੰਦਾ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰ ਵਿੱਚ ਇਹ ਗੰਦਾ ਪਾਣੀ ਲੈ ਕੇ ਜਾਵਾਂਗੇ ਅਤੇ ਉੱਥੇ ਡੋਲ ਕੇ ਆਵਾਂਗੇ।