ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਹੈ। ਆਪਣੇ ਇਸ ਬਿਆਨ 'ਤੇ ਲੌਂਗੋਵਾਲ ਨੇ ਪੰਜਾਬ ਕਾਂਗਰਸ ਸਰਕਾਰ 'ਤੇ ਜਮ ਕੇ ਨਿਸ਼ਾਨੇ ਸਾਧੇ ਹਨ। ਲੌਂਗੋਵਾਲ ਨੇ ਕਿਹਾ ਕਿ ਐੱਸਜੀਪੀਸੀ ਨੂੰ ਤੋੜਨ ਦੀਆਂ ਪੰਜਾਬ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਚਾਲਾਂ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਮੁੜ ਸਾਹਮਣੇ ਆ ਗਿਆ ਹੈ। ਇਸਦੇ ਨਾਲ, ਇਹ ਸਾਬਤ ਹੋ ਗਿਆ ਹੈ ਕਿ ਕੈਪਟਨ ਸਰਕਾਰ ਜਾਣ ਬੁੱਝ ਕੇ ਸਿੱਖ ਮਸਲਿਆਂ ਨੂੰ ਗੁੰਝਲਦਾਰ ਬਣਾਉਣਾ ਚਾਹੁੰਦੀ ਹੈ।
ਲੌਂਗੋਵਾਲ ਨੇ ਕਿਹਾ ਕਿ ਸਿੱਖ ਕਾਂਗਰਸ ਸਰਕਾਰ ਨੂੰ ਸਫ਼ਲ ਨਹੀਂ ਹੋਣ ਦੇਣਗੇ ਅਤੇ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਵਾਲੀ ਸੋਚ ਦਾ ਹਰ ਪੱਧਰ 'ਤੇ ਜਵਾਬ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁਖੀ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਮਾਮਲਿਆਂ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਿੱਧੇ ਦਖ਼ਲ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।