ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕੋਰੋਨਾ ਮੁਕਤ ਹੋਣ ਜਾ ਰਿਹਾ ਹੈ। ਇਸ ਬਾਰੇ ਦੱਸਦੇ ਹੋਏ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 2 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਨ੍ਹਾਂ ਨੂੰ ਘਰ ਭੇਜਿਆ ਗਿਆ ਹੈ।
ਤਰਨ ਤਾਰਨ 'ਚ 2 ਹੋਰ ਮਰੀਜ਼ ਠੀਕ ਹੋ ਕੇ ਪਰਤੇ ਘਰ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਨਾਲ ਸਬੰਧਿਤ ਇੱਕ ਵਿਅਕਤੀ ਅਮਰੀਕਾ ਤੋਂ ਅਤੇ ਦੂਜਾ ਖਡੂਰ ਸਾਹਿਬ ਦੇ ਰਹਿਣ ਵਾਲਾ, ਜੋ ਇੱਕ ਵਿਅਕਤੀ ਮਹਾਰਾਸ਼ਟਰ ਤੋਂ ਆਇਆ ਸੀ। ਉਨ੍ਹਾਂ ਕਿਹਾ ਕਿ ਹੁਣ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਈਸੋਲੇਸ਼ਨ ਵਾਰਡ ਵਿੱਚ 2 ਮਰੀਜ਼ ਦਾਖਲ ਹਨ, ਜੋ ਕਿ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 165 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 167 ਹੋ ਗਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮਰੀਜ਼ਾਂ ਨੂੰ 'ਕੋਵਾ ਐਪ' ਵੀ ਡਾਊਨਲੋਡ ਕਰਵਾਈ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਜਿਹੜੇ ਵਿਅਕਤੀ ਆਈਸੋਲੇਸ਼ਨ ਸੈਂਟਰ ਵਿੱਚ ਇਲਾਜ ਲਈ ਦਾਖਲ ਕੀਤੇ ਗਏ ਸਨ, ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਆਈਸੋਲੇਸ਼ਨ ਵਾਰਡ ਵਿੱਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਬਾਕੀ ਮਰੀਜ਼ਾਂ ਦੇ ਵੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿੱਚ ਬਿਤਾਏ ਸਮੇਂ ਦੌਰਾਨ ਉਨ੍ਹਾਂ ਦੇ ਵਧੀਆ ਇਲਾਜ ਤੇ ਦਿੱਤੀਆਂ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।