ਤਰਨਤਾਰਨ :ਨਸ਼ਿਆਂ ਦਾ ਦੈਂਤ ਲਗਾਤਾਰ ਪੰਜਾਬ ਦੀ ਜਵਾਨੀ ਨੂੰ ਖਾਂਦਾ ਜਾ ਰਿਹਾ ਹੈ। ਲਗਾਤਾਰ ਨਸ਼ੇ ਕਾਰਨ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਸਰਕਾਰ ਦਾਅਵਾ ਕਰ ਰਹੀ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈ ਜਾ ਰਹੀ ਹੈ। ਪਰ ਹਾਲਾਤ ਕੁੱਝ ਹੋਰ ਹੀ ਬਿਆਨ ਦੇ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਖੇਮਕਰਨ ਹਲਕੇ ਦੇ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਪੂਹਲਾ ਵਿਚੋਂ ਸਾਹਮਣੇ ਆਇਆ ਹੈ, ਜਿੱਥੇ 45 ਸਾਲਾਂ ਰਵੇਲ ਸਿੰਘ ਪੁੱਤਰ ਸ਼ੇਰ ਸਿੰਘ ਨੇ ਨਸ਼ੇ ਦਾ ਟੀਕਾ ਲਗਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰ ਨੇ ਕਿਹਾ ਹੈ ਕਿ ਜਾਨ ਗਵਾਉਣ ਵਾਲਾ ਵਿਅਕਤੀ ਨਸ਼ੇ ਦਾ ਆਦੀ ਸੀ। ਇਸਦਾ ਵਿਆਹ ਵੀ ਹੋ ਚੁੱਕਾ ਹੈ ਅਤੇ 2 ਬੱਚੇ ਵੀ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਸਹੁਰੇ ਪਿੰਡ ਬੋਹੜੁ ਵਿਖੇ ਕੰਮਕਾਰ ਕਰਦਾ ਸੀ ਅਤੇ ਅੱਜ ਉਹ ਆਪਣੇ ਪਿੰਡ ਪੂਹਲਾ ਵਿਖੇ ਆਇਆ ਹੋਇਆ ਸੀ। ਇਥੇ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਕਰਕੇ ਉਸਦੀ ਉਥੇ ਹੀ ਮੌਤ ਹੋ ਗਈ ਹੈ।
ਪਿੰਡ ਵਿੱਚ ਵਿਕ ਰਿਹਾ ਹੈ ਨਸ਼ਾ:ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰ ਰਿਹਾ ਸੀ, ਜਿਸ ਕਰਕੇ ਅੱਜ ਵੀ ਉਸਨੇ ਨਸ਼ੇ ਦਾ ਟੀਕਾ ਲਗਾਇਆ ਸੀ ਜੋ ਉਸਦੀ ਮੌਤ ਦਾ ਕਾਰਨ ਬਣ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਿਚ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਪੁਲਿਸ ਨੂੰ ਪਤਾ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਸਰਕਾਰਾਂ ਦੇ ਵਾਅਦੇ ਫੇਲ ਹੋ ਗਏ ਹਨ ਅਤੇ ਲੋਕਾਂ ਦੇ ਪੁੱਤ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਪੁੱਤ ਦੀ ਮੌਤ ਹੋਈ ਹੈ, ਉਸ ਤਰ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਵੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ