ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਕੈਪਟਨ ਦਾ ਦੋਹਰਾ ਚਿਹਰਾ ਆਇਆ ਲੋਕਾਂ ਸਾਹਮਣੇ: ਵਿਰਸਾ ਸਿੰਘ ਵਲਟੋਹਾ - Tarntaran
ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਕੈਪਟਨ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਇਹ ਮੰਨਿਆ ਕਿ ਦਿੱਲੀ '84 ਕਤਲੇਆਮ ਵਿੱਚ ਕਾਂਗਰਸ ਦਾ ਹੱਥ ਹੈ।
ਤਰਨਤਾਰਨ: ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਪਾਰਟੀ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਸਿਆਸੀ ਰੋਟੀਆਂ ਸੇਕਣ ਦਾ ਕੰਮ ਕਰ ਰਹੀ ਹੈ, ਇਹ ਕਹਿਣਾ ਹੈ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵਾਸਤਾ ਨਹੀਂ ਹੈ।
ਵਲਟੋਹਾ ਨੇ ਕਿਹਾ ਕਿ ਸਗੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਨਾਲੋਂ ਜ਼ਿਆਦਾ ਦੁੱਖੀ ਹੋਇਆ, ਕਿਉਂਕਿ ਇਹ ਘਟਨਾਵਾਂ ਉਨ੍ਹਾਂ ਦੀ ਸਰਕਾਰ ਵੇਲੇ ਹੋਈਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਅੱਜ ਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਸਮੇਂ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸੀ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿਛੇ ਆਈਐੱਸਆਈ ਅਤੇ ਹੋਰ ਪਾਕਿਸਤਾਨ ਏਜੰਸੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੈ।