ਤਰਨਤਾਰਨ : ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋਰ ਮੌਤਾਂ ਨਾਲ ਵੱਧ ਕੇ 80 ਹੋ ਗਈ ਹੈ। ਤਿੰਨ ਜ਼ਿਲ੍ਹਿਆਂ 'ਚ ਵਾਪਰੀ ਇਸ ਘਟਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 108 ਪਹੁੰਚ ਗਿਆ ਹੈ ਜਿਸ ਵਿਚੋਂ 82 ਮੌਤਾਂ ਤਰਨ ਤਾਰਨ ਅਤੇ ਅੰਮ੍ਰਿਤਸਰ ਤੇ ਬਟਾਲਾ ਵਿੱਚ 13-13 ਮੌਤਾਂ ਹੋਈਆਂ ਹਨ।
ਜ਼ਹਿਰੀਲੀ ਸ਼ਰਾਬ ਦਾ ਕਹਿਰ, ਮਰਨ ਵਾਲਿਆਂ ਦਾ ਅੰਕੜਾ 108 'ਤੇ ਪੁੱਜਾ 12 ਹੋਰ ਗ੍ਰਿਫਤਾਰੀਆਂ, ਲੁਧਿਆਣਾ ਦੇ ਵਪਾਰੀ ਤੇ 7 ਹੋਰ ਪਛਾਣ ਕੀਤੇ ਦੋਸ਼ੀਆਂ ਦੀ ਭਾਲ ਸ਼ੁਰੂ ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਤਾਜ਼ਾ-ਤਰੀਨ ਗ੍ਰਿਫਤਾਰੀਆਂ ਨਾਲ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ ਜਿਨਾਂ ਵਿੱਚ ਨਜਾਇਜ਼ ਸ਼ਰਾਬ ਮਾਫੀਆ ਜੋ ਕਿ ਸੂਬੇ ਦੇ ਕਈ ਜ਼ਿਲਿਆਂ ਵਿੱਚ ਆਪਣਾ ਜਾਲ ਫੈਲਾ ਚੁੱਕਿਆ ਸੀ, ਦੇ ਪੰਜ ਸਰਗਨਾ ਵੀ ਸ਼ਾਮਲ ਹਨ। ਇਸ ਮਾਮਲੇ ਵਿੱਚ ਅੱਠ ਹੋਰ ਪਛਾਣ ਕੀਤੇ ਗਏ ਦੋਸ਼ੀਆਂ ਦੀ ਪੂਰੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨਾਂ ਵਿਚ ਲੁਧਿਆਣਾ ਨਿਵਾਸੀ ਇੱਕ ਪੇਂਟ ਦੀ ਦੁਕਾਨ ਦਾ ਮਾਲਕ ਰਾਜੇਸ਼ ਜੋਸ਼ੀ ਨਾਮੀ ਵਿਅਕਤੀ ਵੀ ਹੈ ਜੋ ਕਿ ਇਸ ਮਾਫੀਆ ਲੜੀ ਦਾ ਇੱਕ ਅਹਿਮ ਹਿੱਸਾ ਹੈ।
ਡੀ.ਜੀ.ਪੀ ਨੇ ਅਗਾਂਹ ਦੱਸਿਆ ਕਿ ਮੁੱਢਲੀ ਜਾਂਚ ਪੜਤਾਲ ਇਸ ਪੱਖ ਵੱਲ ਇਸ਼ਾਰਾ ਕਰਦੀ ਹੈ ਕਿ ਗੋਬਿੰਦਰ, ਰਵਿੰਦਰ, ਦਰਸ਼ਨਾ ਰਾਣੀ, ਤ੍ਰਿਵੇਣੀ ਚੌਹਾਨ ਅਤੇ ਹਰਪ੍ਰੀਤ ਸਿੰਘ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹਨ ਜਿਨ੍ਹਾਂ ਦੇ ਹੋਰ ਵੱਡੇ ਮਾਫੀਆ ਗਿਰੋਹ ਮੈਂਬਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
11 ਅਧਿਕਾਰੀ ਮੁਅੱਤਲ
ਮਾਮਲੇ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ 7 ਆਬਕਾਰੀ ਤੇ ਕਰ ਅਧਿਕਾਰੀਆਂ ਅਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਮੈਜਿਸਟ੍ਰੀਅਲ ਜਾਂਚ ਦੇ ਹੁਕਮ
ਮੁੱਖ ਮੰਤਰੀ ਨੇ ਪੁਲਿਸ ਨੂੰ ਦੋਸ਼ੀਆਂ ਦੀ ਭਾਲ ਕਰਨ ਅਤੇ ਇਸ ਕੇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ’ਤੇ ਦੋਸ਼ ਆਇਦ ਦੇ ਹੁਕਮ ਵੀ ਦਿੱਤੇ। ਇਸਤੋਂ ਇਲਾਵਾ ਡਵੀਜ਼ਨ ਕਮਿਸ਼ਨਰ ਨੂੰ ਮੈਜਿਸਟ੍ਰੀਅਲ ਜਾਂਚ ਕਰਕੇ ਮਹੀਨੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਵੀ ਐਲਾਨ ਕੀਤਾ।
ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਕੈਪਟਨ
ਸਿਆਸੀ ਆਗੂਆਂ ਵੱਲੋਂ ਇਸ ਮਾਮਲੇ ਬਾਰੇ ਬਿਆਨਬਾਜ਼ੀ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਦੁੱਖਦਾਈ ਘਟਨਾ 'ਤੇ ਸਿਆਸਤ ਨਾ ਕਰਨ, ਜਿਸ ਵਿੱਚ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਪੀਣ ਨਾਲ ਇੱਕ ਵੀ ਪੰਜਾਬੀ ਦੀ ਮੌਤ ਮੰਦਭਾਗੀ ਹੈ। ਉਨ੍ਹਾਂ ਕਿਹਾ,‘‘ਮੇਰੇ ਲਈ ਹਰੇਕ ਪੰਜਾਬੀ ਦੀ ਜ਼ਿੰਦਗੀ ਮਹੱਤਵਪੂਰਨ ਹੈ।’’ ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਹੋਰਾਂ ਦੀ ਮਿਲੀਭੁਗਤ ਸਾਹਮਣੇ ਆਉਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਦੁੱਖ ਸਾਂਝਾ ਕਰਨ ਲਈ ਪਹੁੰਚੇ ਸੁਖਬੀਰ ਬਾਦਲ
ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰ ਵਾਲਿਆ ਦੇ ਨਾਲ ਦੁਖ ਸਾਂਝਾ ਕਰਨ ਲਈ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਪ੍ਰਤੀ ਕੀ ਫਰਜ਼ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮਹਿਲਾਂ ਤੋਂ ਬਾਹਰ ਨਿਕਲ ਕੇ ਲੋਕਾਂ ਦੇ ਵਿੱਚ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸੀ ਵਿਧਾਇਕ ਹੀ ਸ਼ਰਾਬ ਵੇਚ ਰਹੇ ਹਨ। ਬਾਦਲ ਨੇ ਕੈਪਟਨ ਨੂੰ ਕਰੜੇ ਹੱਥੀ ਲੈਂਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੰਨੇ ਲੋਕ ਮਰ ਗਏ ਪਰ ਕੈਪਟਨ ਨੇ ਇਹ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਕਿ ਇਸ ਖੇਤਰ ਵਿੱਚ ਹਾਦਸਾ ਕਿਵੇਂ ਵਾਪਰਿਆ?
'ਅਸਤੀਫ਼ਾ ਦੇਣ ਕੈਪਟਨ ਅਮਰਿੰਦਰ ਸਿੰਘ'
ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਭਰ ਵਿੱਚ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਇਸੇ ਕੜੀ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਨੇ ਕਿਹਾ ਕਿ ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਪੈਸੇ ਖਾ ਰਹੀ ਹੈ, ਇਸੇ ਕਰਕੇ ਕਿਸੇ ਉੱਤੇ ਵੀ ਮੁਕੱਦਮਾ ਨਹੀਂ ਚੱਲ ਰਿਹਾ, ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਪੰਜਾਬ ਸਰਕਾਰ ਦੋਸ਼ੀ ਹੈ ਅਤੇ ਪੰਜਾਬ ਸਰਕਾਰ ਨੂੰ ਅਸਤੀਫਾ ਦੇਣਾ ਚਾਹੀਦਾ ਹੈ।
ਸਰਕਾਰ ਦੀ ਨੱਕ ਹੇਠ ਵਿਕ ਰਹੀ ਨਕਲੀ ਸ਼ਰਾਬ: ਦਲਜੀਤ ਚੀਮਾ
ਅੰਮ੍ਰਿਤਸਰ 'ਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਮੌਤ ਤੋਂ ਬਾਅਦ ਸਿਆਸਤ ਭਖਦੀ ਜਾ ਰਹੀ ਹੈ। ਵੱਖ-ਵੱਖ ਧਿਰ ਦੇ ਆਗੂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਾਂਗਰਸ ਸਰਕਾਰ 'ਤੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਵੇਚੀ ਜਾ ਰਹੀ ਹੈ, ਉਸ ਨੂੰ ਪੀਣ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ।ਚੀਮਾ ਨੇ ਕਿਹਾ ਕਿ ਨਕਲੀ ਸ਼ਰਾਬ ਨਿਰੰਤਰ ਸਰਕਾਰ ਦੀ ਨੱਕ ਹੇਠ ਵਿਕ ਰਹੀ ਹੈ ਪਰ ਸਰਕਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
CBI ਜਾਂਚ ਦੀ ਕੀਤੀ ਮੰਗ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਥਾਨਕ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਨਜਾਇਜ਼ ਸ਼ਰਾਬ ਨਾਲ ਜੁੜੇ ਕਿਸੇ ਵੀ ਕੇਸ ਦਾ ਹੱਲ ਨਹੀਂ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ, "ਮੈਂ ਪੰਜਾਬ ਵਿੱਚ ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਦੁਖੀ ਹਾਂ। ਸੂਬਾ ਸਰਕਾਰ ਨੂੰ ਅਜਿਹੇ ਮਾਫੀਆ 'ਤੇ ਲਗਾਮ ਲਗਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਇਹ ਮਾਮਲਾ ਤੁਰੰਤ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਕਿਉਂਕਿ ਸਥਾਨਕ ਪੁਲਿਸ ਨੇ ਕੁੱਝ ਮਹੀਨਿਆਂ ਤੋਂ ਕਿਸੇ ਵੀ ਗੈਰਕਾਨੂੰਨੀ ਸ਼ਰਾਬ ਦੇ ਕੇਸ ਨੂੰ ਹੱਲ ਨਹੀਂ ਕੀਤਾ ਹੈ।"