ਤਰਨਤਾਰਨ: ਇੱਥੋਂ ਦੇ ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਬਲੇਰ ਦੇ ਵਸਨੀਕ ਅਤੇ ਪੁਲੀਸ ਵੱਲੋਂ ਬਣਾਈ ਗਈ ਡੈਪੋ ਕਮੇਟੀ ਦੇ ਮੈਂਬਰ ਧਰਮਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਵੱਲੋਂ ਪਿੰਡ ਦੇ ਕੁਝ ਨੌਜਵਾਨ 'ਤੇ ਉਸਦੇ ਘਰ ਦੇ ਬਾਹਰ ਫਾਇਰਿੰਗ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਥਾਣਾ ਭਿੱਖੀਵਿੰਡ ਦੀ ਪੁਲਿਸ ਇਸ ਮਾਮਲੇ ਨੂੰ ਠੰਢੇ ਬਸਤੇ ਵਿੱਚ ਪਾ ਕੇ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
ਇਸ ਸਬੰਧੀ ਦੋਸ਼ ਲਗਾਉਂਦਿਆਂ ਧਰਮਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਡੈਪੋ ਦੀ ਕਮੇਟੀ ਦਾ ਮੈਂਬਰ ਚੁਣਿਆ ਗਿਆ ਸੀ ਜਿਸ ਵਿੱਚ ਉਹਨਾਂ ਨਸ਼ੇ ਦੇ ਸੌਦਾਗਰਾਂ 'ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲੀਸ ਦਾ ਬੇਹੱਦ ਸਾਥ ਦਿੱਤਾ।
ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਨਸ਼ੇ ਨੂੰ ਠੱਲ੍ਹ ਪਾਉਣ ਵਿਚ ਉਨ੍ਹਾਂ ਦਾ ਸਾਥ ਦਿਓ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਵਿਰੁੱਧ ਵਧੀਕੀ ਕਰਦਾ ਹੈ ਤਾਂ ਪੁਲੀਸ ਵੱਲੋਂ ਉਸਦੇ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪਰ ਧਰਮਿੰਦਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਦੇ ਕੁਝ ਨੌਜਵਾਨ ਘੁੱਲਾ ਸਿੰਘ ,ਗੁਰਜੀਤ ਸਿੰਘ, ਕੁਲਬੀਰ ਸਿੰਘ ਜੋਬਨਜੀਤ ਸਿੰਘ ,ਅਤੇ ਉਨ੍ਹਾਂ ਦੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੇ ਇਸੇ ਹੀ ਰੰਜਿਸ਼ ਦੇ ਤਹਿਤ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਫਾਇਰਿੰਗ ਕੀਤੀ ਅਤੇ ਗਾਲੀ ਗਲੋਚ ਕਰਕੇ ਘਰ ਦੇ ਬਾਹਰ ਪਏ ਸਾਮਾਨ ਦੀ ਭੰਨਤੋੜ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਅੱਜ ਤਕਰੀਬਨ ਪੰਦਰਾਂ ਦਿਨ ਤੋਂ ਵੀ ਵੱਧ ਸਮਾਂ ਬੀਤ ਚੁੱਕਾ ਹੈ ਪਰ ਥਾਣਾ ਭਿੱਖੀਵਿੰਡ ਦੀ ਪੁਲੀਸ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਦਕਿ ਪੀੜਤ ਪਰਿਵਾਰ ਨੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਜੇਕਰ ਡੈਪੋ ਕਮੇਟੀ ਦੇ ਮੈਂਬਰਾਂ ਨੂੰ ਅਜਿਹੇ ਹੀ ਤਸੀਹੇ ਮਿਲਣੇ ਸੀ ਤਾਂ ਡੈਪੋ ਦੀ ਕਮੇਟੀ ਕਿਉਂ ਬਣਾਈ ਗਈ।
ਜਦ ਇਸ ਚੌਕੀ ਸੁਰਸਿੰਘ ਦੇ ਇੰਚਾਰਜ ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਫਾਇਰਿੰਗ ਹੋਣ ਸਬੰਧੀ ਅਜੇ ਤੱਕ ਕੋਈ ਵੀ ਗੱਲ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਤੋਂ ਬਾਅਦ ਜੇਕਰ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।