ਤਰਨਤਾਰਨ : ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਜੌਹਲ ਪੁੱਤਰ ਜਗਦੀਸ਼ ਸਿੰਘ ਵਾਸੀ ਜੌਹਲ ਰਾਜੂ ਸਿੰਘ ਥਾਣਾ ਸਿਟੀ ਤਰਨਤਾਰਨ ਹਾਲ ਜੋੜ ਸਿੰਘ ਵਾਲਾ ਥਾਣਾ ਸਦਰ ਪੱਟੀ ਦੇ ਖਿਲਾਫ ਤਰਨਤਾਰਨ ਦੀ ਪੁਲਸ ਨੇ ਸੋਸ਼ਲ ਮੀਡੀਆ ਤੇ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਕੱਦਮਾ ਨੰਬਰ 10/23 ਧਾਰਾ 336/ ਤੇ ਆਰਮ ਐਕਟ 25/27/54/59 ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਸ ਦੇ ਖਿਲਾਫ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕੀਤਾ ਗਿਆ ਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ।
ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਜਿਸ ਵਿਚ ਇਕ ਵਿਅਕਤੀ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤੇ ਕਾਰਵਾਈ ਸ਼ੁਰੂ ਕੀਤੀ। ਹਾਲਾਂਕਿ ਬੀਤੇ ਦਿਨਾਂ ਤੋਂ ਹੀ ਸਰਕਾਰ ਵੱਲੋਂ ਸੋਸ਼ਲ ਮੀਡੀਆ ਉਤੇ ਵਾਇਰਲ ਹਥਿਆਰਾਂ ਵਾਲੀਆਂ ਵੀਡੀਓਜ਼ ਉਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤੇ ਅਸਲੇ ਨਾਲ ਵੀਡੀਓ ਬਣਾਉਣ ਜਾਂ ਫਾਇਰਿੰਗ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।