ਤਰਨਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਰਟੌਲ ਵਿਖੇ ਜਗਰੂਪ ਸਿੰਘ ਨੂੰ ਪਿੰਡ ਦੀ ਹੀ ਲੜਕੀ ਸੰਦੀਪ ਕੌਰ ਨਾਲ ਪ੍ਰੇਮ ਵਿਆਹ ਕਰਵਾਉਣ ਦੀ ਸਜ਼ਾ ਦਿੱਤੀ ਗਈ। ਪਿੰਡ ਵਿੱਚ ਮੇਲਾ ਵੇਖਣ ਆਏ ਇਸ ਜੋੜੇ ਨਾਲ ਕੁੜੀ ਦੇ ਭਰਾਵਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਿੰਡ ਦੇ ਲੜਕੇ ਜਗਰੂਪ ਸਿੰਘ ਨਾਲ ਕੋਰਟ ਮੈਰਿਜ ਕਰਵਾ ਲਈ ਸੀ ਜਿਸ ਤੋਂ ਪਰਿਵਾਰ ਵਾਲੇ ਰਾਜ਼ੀ ਨਹੀਂ ਸਨ ਤੇ ਧਮਕੀ ਦਿੰਦੇ ਸਨ ਕਿ ਉਨ੍ਹਾਂ ਨੂੰ ਪਿੰਡ ਵਿੱਚ ਨਹੀਂ ਰਹਿਣ ਦੇਣਗੇ।
ਪੀੜਤ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਤੇ ਉਸ ਦਾ ਪਤੀ ਜਗਰੂਪ ਸਿੰਘ ਪਿੰਡ ਵਿੱਚ ਮੇਲਾ ਵੇਖਣ ਆਏ ਤਾਂ ਉਸ ਦੇ ਪਿਤਾ ਤੇ ਭਰਾਵਾਂ ਨੇ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਮੌਕੇ ਤੋਂ ਭੱਜ ਗਏ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਕੇ ਗਏ।
ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੁਲਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਜਦੋਂ ਇਸ ਸਬੰਧੀ ਚੌਕੀ ਦਬੁਰਜੀ ਦੇ ਇੰਚਾਰਜ ਨਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਸੰਦੀਪ ਕੌਰ ਤੇ ਜਗਰੂਪ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।