ਤਰਨ ਤਾਰਨ: ਦੋ ਪਰਿਵਾਰਾਂ ਵਿਚਾਲੇ ਪੁਰਾਣੀ ਰੰਜਿਸ਼ ਦੇ ਚੱਲਦੇ ਇੱਕ ਧਿਰ ਦੇ ਲੋਕਾਂ ਨੇ ਦੂਜੇ ਧਿਰ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਇੱਕ ਗਰਭਵਤੀ ਮਹਿਲਾ ਅਤੇ 2 ਹੋਰ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਹਨ।
ਵਿਅਕਤੀ ਤੇ ਉਸ ਦੇ ਪਰਿਵਾਰ 'ਤੇ ਹੋਇਆ ਜਾਨਲੇਵਾ ਹਮਲਾ ਇਸ ਸਬੰਧੀ ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਗੀਤਾ ਦੀ ਬੀਤੇ ਦਿਨੀਂ ਕੈਂਸਰ ਕਾਰਨ ਮੌਤ ਹੋ ਗਈ ਸੀ। ਬਲਵਿੰਦਰ ਆਪਣੀ ਭੈਣ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣਾ ਚਾਹੁੰਦਾ ਸੀ। ਇਸ ਲਈ ਉਹ ਆਪਣੀ ਪਤਨੀ ਤੇ ਬੇਟੀ ਨਾਲ ਸ਼ਮਸ਼ਾਨ ਘਾਟ ਪੁੱਜਾ। ਇਥੇ ਉਸ ਦੀ ਭੈਣ ਦੇ ਪਤੀ ਤੇ ਸਹੁਰੇ ਪਰਿਵਾਰ ਨੇ ਉਸ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ।
ਉਸ ਨੇ ਦੱਸਿਆ ਕਿ ਭੈਣ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵੱਲੋਂ ਉਸ 'ਤੇ ਅਤੇ ਉਸ ਦੀ ਪਤਨੀ ਸਣੇ ਗਰਭਵਤੀ ਬੇਟੀ ਉੱਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ 'ਚ ਉਹ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਉਸ ਨੇ ਇਨਸਾਫ ਦੀ ਮੰਗ ਕਰਦਿਆਂ ਪੁਲਿਸ ਪ੍ਰਸ਼ਾਸਨ ਕੋਲੋਂ ਵਿਰੋਧੀ ਧਿਰ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਮਨਜੀਤ ਸਿੰਘ ਨੇ ਕਿਹਾ ਬਲਵਿੰਦਰ ਸਿੰਘ ਵੱਲੋਂ ਉਸ ਅਤੇ ਉਸ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵੱਲੋਂ ਪੀੜਤਾਂ ਦੇ ਬਿਆਨ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।