ਤਰਨਤਾਰਨ : ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ, ਪੈਨਸ਼ਨ ਐਕਸ਼ਨ ਕਮੇਟੀ, ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸੀ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਕੋਠੀ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਦੇ ਮਨੋਰਥ ਕਾਪੀਆਂ ਨੂੰ ਸਾੜਿਆ ਗਿਆ।
ਜਾਣਕਾਰੀ ਮੁਤਾਬਕ ਹੈ ਕਿ ਪੰਜਾਬ ਦੇ ਸਰਕਾਰੀ ਕਾਮਿਆਂ ਵੱਲੋਂ ਰੋਸ ਵਜੋਂ ਕੱਲ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਰੋਜ਼ਾਨਾ ਹੀ ਪੰਜ ਕਾਮੇ ਭੁੱਖ ਹੜਤਾਲ 'ਤੇ ਬੈਠ ਕੇ ਸਰਕਾਰ ਖਿਲਾਫ਼ ਆਪਣਾ ਪ੍ਰਦਰਸ਼ਨ ਕਰ ਰਹੇ ਹਨ।
ਗੌਰਤਲਬ ਹੈ ਕਿ ਪ੍ਰਦਰਸ਼ਨਕਾਰੀ ਸਰਕਾਰੀ ਕਾਮਿਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵਾਂ ਪੇ-ਕਮਿਸ਼ਨ ਲਾਗੂ ਕਰਨ, ਬੰਦ ਕੀਤੇ ਡੀ.ਏ. ਨੂੰ ਬਹਾਲ ਕਰਨ, ਆਸ਼ਾ ਵਰਕਰ, ਮਿਡ-ਡੇ ਮੀਲ ਵਰਕਰ, ਕੌਰ ਵਿਭਾਗਾਂ ਦੀਆਂ ਮਿਉਂਸੀਪਲ ਕਮੇਟੀਆਂ ਦੀ ਘੱਟੋ-ਘੱਟ ਤਨਖ਼ਾਹ ਤੇ ਠੇਕੇਦਾਰਾਂ ਦੁਆਰਾ ਭਰਤੀ ਕੀਤੇ ਗਏ ਕਿਰਤੀਆਂ ਦੀ ਅੰਨ੍ਹੀ ਲੁੱਟ ਤੇ ਪੂਰੀ ਤਨਖ਼ਾਹ ਦੇ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣੇ ਨੂੰ 2 ਸਾਲ ਤੋਂ ਵੱਧ ਸਮਾਂ ਹੋ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਜੋਂ ਸਰਕਾਰੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 1 ਮਈ ਤੋਂ ਸੰਘਰਸ਼ ਆਰੰਭਿਆ ਗਿਆ ਹੈ, ਜਿਸ ਦੇ ਚੱਲਦਿਆਂ 1 ਮਈ ਨੂੰ ਮੁਲਾਜ਼ਮ ਆਗੂ ਸੱਜਣ ਸਿੰਘ ਵੱਲੋਂ ਚੰਡੀਗੜ੍ਹ ਦੇ ਬੱਸ ਸਟੈਂਡ 'ਤੇ ਬੈਠ ਕੇ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਤੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਕਾਮਿਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ।
ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਆਪਣੀਆਂ ਮੰਗਾਂ ਦੱਸਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਮੁਲਾਜ਼ਮਾਂ ਸਮੇਤ ਹਰ ਵਰਗ ਨਾਲ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ ਕੇ ਵਾਅਦੇ ਕੀਤੇ ਸਨ, ਪਰ ਉਹ ਵਾਅਦੇ ਸਰਕਾਰ ਬਣੇ 2 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ 'ਤੇ ਵੀ ਪੂਰੇ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਚਾਹੇ ਕਿਸਾਨ ਹੋਵੇ, ਚਾਹੇ ਮੁਲਾਜ਼ਮ, ਚਾਹੇ ਬੇਰੁਜ਼ਗਾਰ ਨੌਜਵਾਨ ਜਾਂ ਵਪਾਰੀ ਸਾਰੇ ਹੀ ਕੈਪਟਨ ਸਰਕਾਰ ਤੋਂ ਦੁਖੀ ਹਨ।
ਗੰਡੀਵਿੰਡ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਕੱਲ੍ਹ ਤੋਂ ਸੂਬੇ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਦਫ਼ਤਰਾਂ ਦੇ ਬਾਹਰ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪਰਸੋਂ ਤੋਂ ਪਿੰਡ-ਪਿੰਡ ਜਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਸੂਬੇ ਦੀ ਕੈਪਟਨ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹੀ ਜਾਵੇਗੀ।