ਪੰਜ ਤੱਤਾਂ 'ਚ ਵਿਲੀਨ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤਰਨਤਾਰਨ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਉਨ੍ਹਾਂ ਦੇ ਪਿੰਡ ਬ੍ਰਹਮਪੁਰਾ ਵਿਖੇ ਅੱਜ (14 ਦਸੰਬਰ) ਨੂੰ ਅੰਤਿਮ ਸੰਸਕਾਰ (Funeral of Jathedar Ranjit Singh Brahmpura) ਕਰ ਦਿੱਤਾ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਦਲ ਦੀ ਲੀਡਰਸ਼ਿਪ ਵੀ ਪਹੁੰਚੀ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਰਣਜੀਤ ਸਿੰਘ ਦੀ ਅਰਥੀ ਨੂੰ ਮੋਢਾ ਵੀ ਦਿੱਤਾ।
ਰਣਜੀਤ ਸਿੰਘ ਬ੍ਰਹਮਪੁਰਾ ਦਾ ਮੰਗਲਵਾਰ ਨੂੰ ਹੋਇਆ ਸੀ ਦਿਹਾਂਤ:-ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ ਰਣਜੀਤ ਸਿੰਘ ਬ੍ਰਹਮਪੁਰਾ (88) ਜੋ PGI ਹਸਪਤਾਲ ਵਿਖੇ ਜ਼ੇਰੇ ਇਲਾਜ ਸਨ, ਜਿਨ੍ਹਾਂ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ। ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ।
ਵੱਡੇ ਦਿੱਗਜਾਂ ਨੇ ਕੀਤਾ ਅਫ਼ਸੋਸ ਪ੍ਰਗਟ:-ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਮੇਤ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਰਿਵਾਰ ਨਾਲ ਅਫ਼ਸੋਸ ਕੀਤਾ ਗਿਆ।
3 ਵਾਰ ਵਿਧਾਇਕ ਚੁਣੇ ਗਏ ਸਨ ਰਣਜੀਤ ਸਿੰਘ ਬ੍ਰਹਮਪੁਰਾ:ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਜੋ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਵੀ ਰਹੇ ਸਨ।
2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ। ਰਣਜੀਤ ਸਿੰਘ ਬ੍ਰਹਮਪੁਰਾ ਲੰਮੇ ਸਮੇਂ ਤੱਕ ਪਾਰਟੀ ’ਚ ਸੀਨੀਅਰ ਮੈਂਬਰ ਅਤੇ ਸਰਪ੍ਰਸਤ ਵਜੋਂ ਸੇਵਾ ਨਿਭਾਉਂਦੇ ਰਹੇ। ਹਲਕੇ ’ਚ ਰਣਜੀਤ ਸਿੰਘ ਬ੍ਰਹਮਪੁਰਾ ਦੀ ਪੂਰੀ ਤੂਤੀ ਬੋਲਿਆ ਕਰਦੀ ਸੀ, ਜਿਨ੍ਹਾਂ ਨੂੰ ਮਾਝੇ ਦੇ ਜਰਨੈਲ ਵੀ ਕਿਹਾ ਜਾਂਦਾ ਸੀ।
ਬ੍ਰਹਮਪੁਰਾ ਨੇ ਛੱਡ ਦਿੱਤਾ ਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੱਲਾ, ਪਰ:ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਛੱਡ ਦਿੱਤਾ ਗਿਆ ਸੀ, ਕਿਉਂਕਿ ਰਣਜੀਤ ਸਿੰਘ ਬ੍ਰਹਮਪੁਰਾ ਸਮੇਤ ਬਾਕੀ ਲੀਡਰਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਬੇਅਦਬੀ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਉਸ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ ਬ੍ਰਹਮਪੂਰਾ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਦਿੱਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਬਣਾਇਆ ਸੀ ਜਿਸ ਵਿਚ ਉਨ੍ਹਾਂ ਨਾਲ ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ ਵੀ ਸ਼ਾਮਲ ਹੋਏ ਸਨ।
ਘਰ ਵਾਪਸੀ ਤੇ 2022 ਵਿਧਾਨਸਭਾ ਚੋਣ 'ਚ ਹਾਰ:ਵਿਧਾਨ ਸਭਾ ਚੋਣਾਂ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਫਿਰ ਵਾਪਸੀ ਕਰ ਲਈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਟਿਕਟ ਵੀ ਦਿੱਤੀ ਗਈ ਸੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਰ ਹੋਈ ਸੀ। ਕੁਝ ਦੇਰ ਪਹਿਲਾਂ ਹੀ ਪਾਰਟੀ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਦੇ ਅਨੁਭਵ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਯੁਕਤ ਕੀਤਾ ਸੀ। ਦੱਸ ਦੇਈਏ ਕਿ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ 2014 ਤੋਂ 2019 ਲੋਕ ਸਭਾ ਮੈਂਬਰ ਵਜੋਂ ਵੀ ਆਪਣੀ ਸੇਵਾ ਨਿਭਾਅ ਚੁੱਕੇ ਸਨ।
ਇਹ ਵੀ ਪੜੋ:-ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ, ਪੰਜਾਬ ਦੇ 18 ਟੋਲ ਪਲਾਜ਼ੇ ਬੰਦ ਕਰਨ ਦਾ ਕੀਤਾ ਐਲਾਨ