ਤਰਨਤਾਰਨ: ਪਰਾਲੀ ਮੁੱਢ ਤੋਂ ਹੀ ਹਾਦਸਿਆਂ ਦਾ ਕਾਰਨ ਬਣਦੀ ਆਈ ਹੈ। ਹੁਣ ਇੱਕ ਵਾਰ ਮੁੜ ਤਰਨਤਾਰਨ-ਝਬਾਲ ਰੋਡ 'ਤੇ ਪਿੰਡ ਨੂਰਦੀ ਵਿਖੇ ਪਿਓ ਪੁੱਤ ਪਰਾਲੀ ਦੇ ਧੂੰਏ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਿਸ 'ਚ ਪਿਓ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ ਅਤੇ ਪੁੱਤ ਹਸਪਤਾਲ 'ਚ ਜੇਰੇ ਇਲਾਜ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਹੋਣ ਕਾਰਨ ਸੜਕ 'ਤੇ ਕੁੱਝ ਵੀ ਵਿਖਾਈ ਨਹੀਂ ਦੇ ਰਿਹਾ ਸੀ, ਜਿਸ ਕਾਰਨ ਕੰਬਾਈਨ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ ਅਤੇ ਇਸ ਟੱਕਰ 'ਚ ਅੰਗਰੇਜ ਸਿੰਘ ਦੀ ਮੌਤ ਹੋ ਗਈ ਅਤੇ ਉਸਦਾ ਮੁੰਡਾ ਅਜੇਪਾਲ ਸਿੰਘ ਜ਼ਖਮੀ ਹੋ ਗਿਆ।
ਦੂਜੇ ਪਾਸੇ ਪਿੰਡ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਤਕ ਪ੍ਰਸ਼ਾਸਨ ਵੱਲੋਂ ਪਰਾਲੀ ਦੇ ਨਿਪਟਾਰੇ ਦਾ ਪੁਖ਼ਤਾ ਪ੍ਰਬੰਧ ਨਹੀਂ ਕੀਤਾ ਜਾਂਦਾ ਉਦੋਂ ਤਕ ਇਹੋ ਜਿਹੇ ਹਾਦਸੇ ਵਾਪਰਦੇ ਰਹਿਣਗੇ।
ਮਾਮਲੇ ਦੀ ਪੜਤਾਲ ਕਰਨ ਆਏ ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੇ ਉਹ ਇੱਥੇ ਪਹੁੰਚੇ ਹਨ ਅਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਬਿਆਨ ਦਰਜ ਕਰ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜ਼ਖ਼ਮੀ ਪੁੱਤ ਹਸਪਤਾਲ 'ਚ ਜੇਰੇ ਇਲਾਜ ਹੈ।
ਜ਼ਿਕਰਯੋਗ ਹੈ ਕਿ ਸੂਬੇ 'ਚ ਪਰਾਲੀ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ। ਅਤੇ ਬਹੁਤ ਵਾਰ ਸਰਕਾਰ ਨੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨੋਟਿਸ ਵੀ ਭੇਜਿਆ ਹੈ ਪਰ ਇਸ ਦੇ ਬਾਅਦ ਵੀ ਕਿਸਾਨਾਂ ਵੱਲੋਂ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਨੇ ਕਿਸਾਨਾਂ ਦੀ ਪਰਾਲੀ ਸਾੜਨ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਵੀ ਬਣਾਈਆਂ ਹਨ ਪਰ ਕਿਸਾਨਾਂ ਵੱਲੋਂ ਮਜ਼ਬੂਰੀ ਦੱਸਦਿਆਂ ਪਰਾਲੀ ਲਗਾਤਾਰ ਸਾੜੀ ਜਾ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਰਲੀ ਦੇ ਨਿਪਟਾਰੇ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਹਨ ਜਿਸ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ। ਲੋੜ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਪਰਾਲੀ ਦੇ ਨਿਪਟਾਰੇ ਲਈ ਕੋਈ ਆਸਾਨ ਅਤੇ ਪੁਖ਼ਤਾ ਪ੍ਰਬੰਧ ਕਰੇ ਤਾਂ ਜੋ ਕਿਸਾਨਾ ਪਰਾਲੀ ਨਾ ਸਾੜਨ। ਇਸ ਤਰ੍ਹਾਂ ਦੇ ਕਦਮ ਨਾਲ ਜਿੱਥੇ ਵਾਤਾਵਰਨ ਸਾਫ਼ ਰਹੇਗਾ ਉੱਥੇ ਹੀ ਪਰਾਲੀ ਕਾਰਨ ਹੋਣ ਵਾਲੇ ਹਾਦਸਿਆਂ ਦੀ ਗਿਣਤੀ 'ਚ ਵੀ ਕਮੀ ਆਵੇਗੀ।